ਸਰਕਾਰੀ ਸਿਹਤ ਸੰਸਥਾਵਾਂ ’ਚ ਸੁਧਾਰ ਹਿੱਤ ਦੋ ਦਿਨਾ ਜ਼ਿਲ੍ਹਾ ਪੱਧਰੀ ਟਰੇਨਿੰਗ ਹੋਈ
ਮੋਹਾਲੀ : ‘ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾਂਦੀਆਂ ਸੇਵਾਵਾਂ ਨੂੰ ਬਿਹਤਰ ਅਤੇ ਹੋਰ ਮਿਆਰੀ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਸਮਾਜ ਪ੍ਰਤੀ ਫ਼ਿਕਰਮੰਦੀ ਜ਼ਾਹਰ ਕਰਦਿਆਂ ਮਿਲ-ਜੁਲ ਕੇ ਹੰਭਲਾ ਮਾਰਨ ਦੀ ਲੋੜ ਹੈ।’ ਇਹ ਗੱਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਅਨਿਲ ਗੋਇਲ ਨੇ ਇਥੇ ਹੋਏ ਦੋ ਦਿਨਾ ਜ਼ਿਲ੍ਹਾ ਪੱਧਰੀ ਟਰੇਨਿੰਗ ਪ੍ਰੋਗਰਾਮ ’ਚ ਮੌਜੂਦ ਸਿਹਤ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ। ਇਸ ਟਰੇਨਿੰਗ ਪੋ੍ਰਗਰਾਮ ਦਾ ਮੁੱਖ ਮੰਤਵ ਸਰਕਾਰੀ ਸਿਹਤ ਸੰਸਥਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆਉਣਾ ਅਤੇ ਸਿਹਤ ਕੇਂਦਰਾਂ ਦੇ ਐਨ.ਕਿਊ.ਏ.ਐਸ. ਪ੍ਰਮਾਣੀਕਰਨ ਵਾਸਤੇ ਮਾਪਦੰਡਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਟਰੇਨਿੰਗ ਵਿਚ ਕਾਇਆਕਲਪ ਪ੍ਰੋਗਰਾਮ ਦੇ ਨੋਡਲ ਅਫ਼ਸਰਾਂ ਅਤੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਹਿੱਸਾ ਲਿਆ। ਡਾ. ਗੋਇਲ ਨੇ ਕਿਹਾ ਕਿ ਹਰ ਸੰਸਥਾ ਅਤੇ ਖੇਤਰ ਵਿਚ ਸੁਧਾਰ ਦੀ ਗੁੰਜਾਇਸ਼ ਹਮੇਸ਼ਾ ਹੀ ਰਹਿੰਦੀ ਹੈ ਅਤੇ ਜੇ ਪੱਕਾ ਤਹਈਆ ਕਰ ਲਿਆ ਜਾਵੇ ਤਾਂ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਉਨ੍ਹਾਂ ਆਖਿਆ ਕਿ ਹਰ ਸਿਹਤ ਕਾਮੇ ਨੂੰ ਅਹਿਦ ਕਰਨਾ ਚਾਹੀਦਾ ਹੈ ਕਿ ਉਹ ਜਿਥੇ ਵੀ ਕੰਮ ਕਰਦਾ ਹੈ, ਉਥੇ ਵੱਖ-ਵੱਖ ਤਰ੍ਹਾਂ ਦੇ ਸੁਧਾਰ ਕਰੇ। ਕਿਸੇ ਵੀ ਸੰਸਥਾ ਦਾ ਸੁਧਾਰ ਕਰਨਾ ਇਕ ਤਰ੍ਹਾਂ ਨਾਲ ਅਪਣੀ ਹੀ ਸ਼ਖ਼ਸੀਅਤ ਦਾ ਵੀ ਸੁਧਾਰ ਕਰਨਾ ਹੈ। ਸਰਕਾਰੀ ਸਿਹਤ ਸੰਸਥਾਵਾਂ ਦੀ ਨੁਹਾਰ ਬਦਲਣਾ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣਾ ਵੱਡੇ ਪਰਉਪਕਾਰ ਵਾਲੀ ਗੱਲ ਹੈ, ਜਿਸ ਦਾ ਫ਼ਾਇਦਾ ਆਮ ਲੋਕਾਂ ਨੂੰ ਹੁੰਦਾ ਹੈ। ਡਾ. ਗੋਇਲ ਨੇ ਸਿਹਤ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਟਰੇਨਿੰਗ ਵਿਚੋਂ ਅਹਿਦ ਲੈ ਕੇ ਜਾਣ ਕਿ ਬੇਸ਼ੱਕ ਉਨ੍ਹਾਂ ਕੋਲ ਸਾਧਨਾਂ ਦੀ ਘਾਟ ਹੋਵੇ ਪਰ ਇਸ ਦੇ ਬਾਵਜੂਦ ਉਹ ਆਪੋ-ਆਪਣੀ ਸਿਹਤ ਸੰਸਥਾ ਦਾ ਮਿਆਰ ਉੱਚਾ ਚੁੱਕਣ ਵਾਸਤੇ ਹੋਰ ਜ਼ਿਆਦਾ ਜ਼ਿੰਮੇਵਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਟਰੇਨਿੰਗ ਪ੍ਰੋਗਰਾਮ ਨੂੰ ਮੋਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਸਹਾਇਕ ਡਾਇਰੈਕਟਰ ਡਾ. ਵਿਕਰਾਂਤ ਨਾਗਰਾ, ਡਾ. ਨਿਤਿਆ ਕੁਮਾਰ ਦਾਸ, ਡਾ. ਸਨੇਹ ਲਤਾ, ਡਾ. ਰਿਤੂ ਭਾਟੀਆ, ਜ਼ਿਲ੍ਹਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਬਰਾੜ ਵੀ ਮੌਜੂਦ ਸਨ।