ਸੁਨਾਮ : ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਤੇ ਐਮ ਐਸ ਪੀ ਦੀ ਕਾਨੂੰਨੀ ਗਾਰੰਟੀ ਦੇਣ ਸਮੇਤ ਹੋਰਨਾਂ ਕਿਸਾਨੀ ਮੰਗਾਂ ਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਧਾਰੀ ਚੁੱਪ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਕੁਨਾਂ ਨੇ ਸ਼ੁੱਕਰਵਾਰ ਨੂੰ ਨਮੋਲ ਵਿਖੇ ਕੇਂਦਰ ਸਰਕਾਰ ਦੀ ਅਰਥੀ ਫੂਕਕੇ ਨਾਅਰੇਬਾਜ਼ੀ ਕੀਤੀ। ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਸੱਦਾ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਦਿੱਤਾ ਗਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਹੈਪੀ ਨਮੋਲ, ਸਤਗੁਰ ਸਿੰਘ, ਮਤਵਾਲ ਸਿੰਘ ਅਤੇ ਭੋਲਾ ਸਿੰਘ ਨੇ ਕਿਹਾ ਕਿ ਐਮ ਐਸ ਪੀ ਗਾਰੰਟੀ ਕਾਨੂੰਨ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਡੇਢ ਮਹੀਨੇ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ ਲੇਕਿਨ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਕੇਂਦਰ ਸਰਕਾਰ ਨੂੰ ਡੱਲੇਵਾਲ ਦੀ ਜਾਨ ਦੀ ਕੋਈ ਪ੍ਰਵਾਹ ਨਹੀਂ ਹੈ। ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪੂਰੇ ਭਾਰਤ ਵਿੱਚ ਸਮੁੱਚੇ ਕਿਸਾਨਾਂ ਮਜ਼ਦੂਰਾਂ ਵੱਲੋਂ ਨਰਿੰਦਰ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਕੇ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਮੌਕੇ ਖੇਤੀ ਨੀਤੀ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਕੇਂਦਰ ਸਰਕਾਰ ਖੇਤੀ ਖਰੜੇ ਦੀ ਆੜ੍ਹ ਹੇਠ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਦੇ ਰਾਹ ਤੁਰੀ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸਰਗਰਮ ਆਗੂ ਹੈਪੀ ਨਮੋਲ ਨੇ ਕਿਹਾ ਕਿ 26 ਜਨਵਰੀ ਨੂੰ ਪੂਰੇ ਭਾਰਤ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਆਪਣੇ ਟਰੈਕਟਰ ਦੇਸ਼ ਦੀਆਂ ਸੜਕਾਂ ਉੱਪਰ ਲਿਆਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਲੀਲਾ ਸਿੰਘ, ਤੇਜਾ ਸਿੰਘ, ਭੋਲਾ ਸਿੰਘ, ਰਾਮ ਸਿੰਘ, ਛੋਟਾ ਸਿੰਘ ਪੂਨੀਆਂ, ਭਗਵਾਨ ਪੂਨੀਆਂ, ਜੀਤ ਸਿੰਘ ਰੋਮਾਣਾ, ਗੁਰਮੀਤ ਡਾਕਟਰ, ਜੱਗਰ ਸਿੰਘ ਫੌਜੀ, ਭਗਵੰਤ ਸਿੰਘ ਰੋਮਾਣਾ, ਗੁਰਜੰਟ ਸਿੰਘ, ਸੁਖਵੀਰ ਸਿੰਘ, ਗੁਰਦਾਸ ਸਿੰਘ, ਬਿੱਲੂ ਕਾਮਰੇਡ, ਜਗਸੀਰ ਸਿੰਘ ਪ੍ਰਧਾਨ, ਕਿਸਾਨ ਆਗੂ ਮਹਿੰਦਰ ਸਿੰਘ ਨਮੋਲ ਨੇ ਵੀ ਸੰਬੋਧਨ ਕੀਤਾ।