ਚੰਡੀਗੜ੍ਹ : ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ ਮਕਾਨ ਨੰ. 2469, ਸੰਨੀ ਐਨਕਲੇਵ, ਸੈਕਟਰ 125, ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ.ਟੀ.ਆਈ.ਦਾਖਲ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਆਰ.ਟੀ.ਆਈ.ਕਮਿਸ਼ਨ ਦੇ ਹੁਕਮਾਂ ਅਨੁਸਾਰ ਮਿਤੀ 8 ਜਨਵਰੀ 2025 ਨੂੰ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਸੈਕਿੰਡ ਅਪੀਲ ਤਹਿਤ ਦਾਇਰ 200 ਦੇ ਕਰੀਬ ਆਰ.ਟੀ.ਆਈ. ਸਬੰਧੀ ਕੇਸਾਂ ਵਿਚੋਂ 70 ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜਿੰਦਰ ਸਿੰਘ ਵੱਲੋਂ ਮਨਘੜਤ ਕਿਸਮ ਦੀਆਂ ਆਰ.ਟੀ.ਆਈ. ਰਾਹੀਂ ਸਰਕਾਰੀ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਬਲੈਕਮੇਲ ਅਤੇ ਆਪਣੀਆਂ ਭ੍ਰਿਸ਼ਟ ਗਤੀਵਿਧੀਆ ਰਾਹੀਂ ਸਰਕਾਰੀ ਕੰਮ-ਕਾਜ਼ ਨੂੰ ਆਰ.ਟੀ.ਆਈ. ਐਕਟ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਕਮਿਸ਼ਨ ਵੱਲੋਂ ਵਾਰ-ਵਾਰ ਇੰਨ੍ਹਾਂ ਆਰ.ਟੀ.ਆਈ.ਦੇ ਜਨਹਿਤ ਵਿੱਚ ਵਰਤੋਂ ਸਬੰਧੀ ਪੁੱਛਿਆ ਗਿਆ ਜਿਸ ਦਾ ਮਨਜਿੰਦਰ ਸਿੰਘ ਵੱਲੋਂ ਕੋਈ ਵੀ ਜਵਾਬ ਨਹੀ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਉੱਚ ਅਦਾਲਤਾਂ ਵੱਲੋਂ ਅਤੀਤ ਵਿੱਚ ਇਸ ਤਰ੍ਹਾਂ ਦੇ ਮਾਮਲਿਆ ਦੀ ਸੁਣਵਾਈ ਦੌਰਾਨ ਦਿੱਤੇ ਗਏ ਫੈਸਲਿਆ ਦੀ ਰੋਸ਼ਨੀ ਵਿੱਚ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਰੋਕ ਲਗਾਉਦਿਆਂ ਮਨਜਿੰਦਰ ਸਿੰਘ ਵੱਲੋਂ ਦਾਇਰ ਵੱਖ ਵੱਖ ਆਰ.ਟੀ.ਆਈਆਂ ਵਿਚ ਅਧਿਕਾਰੀਆਂ ਉੱਤੇ ਲਗਾਏ ਗਏ ਜੁਰਮਾਨੇ ਅਤੇ ਮੁਆਵਜ਼ਿਆ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਬਲਿਕ ਅਥਾਰਟੀਜ਼ ਨੂੰ ਸਲਾਹ ਦਿੱਤੀ ਗਈ ਕਿ ਜੇਕਰ ਮਨਜਿੰਦਰ ਸਿੰਘ ਵੱਲੋਂ ਆਰ.ਟੀ.ਆਈ.ਐਕਟ 2005 ਦੀ ਧਾਰਾ 7 (9) ਅਧੀਨ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਇਕ ਹੀ ਕਿਸਮ ਦੀਆਂ ਹੋਣ ਜਾਂ ਦਫਤਰ ਤੇ ਬੋਝ ਪਾਉਣ ਵਾਲੀਆਂ ਹੋਣ ਤਾਂ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਜਾਵੇ।