ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ।
ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਦਿਖਾਈ ਗਈ ਹੈ। ਇਸ ਤੋਂ ਇਲਾਵਾ, ਇਸ ਵਿੱਚ ਇੱਕ ਸ਼ਾਨਦਾਰ ਸੋਲਰ ਰੁੱਖ ਹੈ, ਜੋ ਨਵਿਆਉਣਯੋਗ ਊਰਜਾ ਲਈ ਕਾਰਪੋਰੇਸ਼ਨ ਦੇ ਸਮਰਪਣ ਦਾ ਪ੍ਰਤੀਕ ਹੈ। ਦੂਸਰੇ ਪਾਸੇ, ਪੀ.ਐਸ.ਟੀ.ਸੀ.ਐਲ ਦਾ ਕੈਲੰਡਰ ਸੂਬੇ ਦੇ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਪਣਾਈਆਂ ਗਈਆਂ ਨਵੀਨਤਾਕਾਰੀ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ।
ਇਨ੍ਹਾਂ ਕੈਲੰਡਰਾਂ ਨੂੰ ਜਾਰੀ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੋਵਾਂ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਪਹਿਲਕਦਮੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਅਟੁੱਟ ਵਿਸ਼ਵਾਸ ਪ੍ਰਗਟਾਇਆ ਕਿ ਇਨ੍ਹਾਂ 2025 ਕੈਲੰਡਰਾਂ ਵਿੱਚ ਦਿਖਾਇਆ ਗਿਆ ਹਰ ਦਿਨ ਦੋਵਾਂ ਕਾਰਪੋਰੇਸ਼ਨਾਂ ਦੇ ਅਣਥੱਕ ਯਤਨਾਂ ਅਤੇ ਸਮਰਪਣ ਦੇ ਪ੍ਰਮਾਣ ਵਜੋਂ ਕੰਮ ਕਰੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਸਿਰਫ਼ ਕੈਲੰਡਰ ਦੀ ਇੱਕ ਤਰੀਕ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਇੰਨ੍ਹਾਂ ਕਾਰਪੋਰੇਸ਼ਨਾਂ ਦੀ ਵਚਨਬੱਧਤਾ ਹੈ। ਉਨ੍ਹਾਂ ਸੂਬੇ ਦੇ ਬਿਜਲੀ ਖੇਤਰ ਨੂੰ ਅੱਗੇ ਵਧਾਉਣ ਵਿੱਚ ਇੰਨ੍ਹਾਂ ਕਾਰਪੋਰੇਸ਼ਨਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਨ੍ਹਾਂ ਵੱਲੋਂ ਲਗਾਤਾਰ ਆਪਣੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਸਦਕਾ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਲ ਦਾ ਹਰ ਦਿਨ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਦਾ ਹਿੱਸਾ ਬਣੇ।
ਇਸ ਮੌਕੇ ਪ੍ਰਮੁੱਖ ਸਕੱਤਰ (ਬਿਜਲੀ) ਅਜੋਏ ਕੁਮਾਰ ਸਿਨਹਾ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਨ ਪੀ.ਐਸ.ਪੀ.ਸੀ.ਐਲ ਜਸਬੀਰ ਸਿੰਘ ਸੁਰਸਿੰਘ ਵੀ ਹਾਜ਼ਰ ਸਨ।