ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜੰਗਲਾਤ ਵਰਕਰਾਂ ਦੀਆਂ ਮੰਗਾਂ ਅਤੇ ਦਰਪੇਸ਼ ਚੁਣੌਤੀਆਂ ਅਤੇ ਇੰਨ੍ਹਾਂ ਦੇ ਹੱਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।
ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਨਾਲ ਅਗਲੀ ਮੀਟਿੰਗ ਬੁਲਾ ਕੇ ਉਨ੍ਹਾਂ ਦੇ ਸੇਵਾਵਾਂ ਸਬੰਧੀ ਮੁੱਦਿਆਂ ਨੂੰ ਹੱਲ ਕਰਨ। ਉਨ੍ਹਾਂ ਇੰਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਕਾਰਾਤਮਕ ਪਹੁੰਚ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਹਦਾਇਤ ਕੀਤੀ ਕਿ ਵਿੱਤੀ ਜ਼ਿੰਮੇਵਾਰੀਆਂ ਸਬੰਧੀ ਕੇਸ ਨੂੰ ਅਗਲੀ ਕਾਰਵਾਈ ਲਈ ਵਿੱਤ ਵਿਭਾਗ ਕੋਲ ਭੇਜਿਆ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ‘ਤੇ ਜੋਰ ਦਿੰਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਚੌਥੇ ਦਰਜੇ ਦੇ ਮੁਲਾਜ਼ਮਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਦੀ ਕਾਰਜ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਸਿਖਲਾਈ ਪ੍ਰੋਗਰਾਮ ਉਲੀਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਕਰਮਚਾਰੀਆਂ ਨੂੰ ਹੋਰ ਬਿਹਤਰ ਹੁਨਰ ਨਾਲ ਸਸ਼ਕਤ ਬਣਾਉਣਾ ਹੈ, ਤਾਂ ਜੋ ਉਹ ਪੇਸ਼ੇਵਰ ਵਿਕਾਸ ਨਾਲ ਆਪਣੀਆਂ ਸੇਵਾਵਾਂ ਪ੍ਰਤੀ ਸੰਤੁਸ਼ਟ ਹੋ ਸਕਣ।
ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਵਿਭਾਗ ਟਿਕਾਊ ਹੱਲ ਲੱਭਣ ਲਈ ਵਚਨਬੱਧ ਹੈ।
ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ, ਜਿੰਨ੍ਹਾਂ ਵਿੱਚ ਮੱਖਣ ਸਿੰਘ ਵਾਹਿਦਪੁਰੀ, ਜਸਵਿੰਦਰ ਸਿੰਘ ਸੌਜਾ ਪਟਿਆਲਾ, ਸਤਨਾਮ ਸਿੰਘ ਸੰਗਰੂਰ, ਅਮਨਦੀਪ ਸਿੰਘ ਛੱਤ ਬੀੜ, ਰਵੀਕਾਂਤ ਰੋਪੜ, ਸੁਲੱਖਣ ਸਿੰਘ ਮੌਹਾਲੀ ਅਤੇ ਰਵੀ ਕੁਮਾਰ ਲੁਧਿਆਣਾ ਸ਼ਾਮਿਲ ਸਨ, ਨੇ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਇਸ ਸਕਾਰਾਤਮਕ ਮੀਟਿੰਗ ਦਾ ਧੰਨਵਾਦ ਕੀਤਾ। ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਅਤੇ ਜੰਗਲਾਤ ਮੰਤਰੀ ਵੱਲੋਂ ਉਨ੍ਹਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਯੂਨੀਅਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।