ਫਤਹਿਗੜ ਸਾਹਿਬ : ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕਾਰਜਸ਼ੀਲ ਹੈ ਅਤੇ ਸਰਹਿੰਦ ਸ਼ਹਿਰ ਦੀ ਹੰਸਲਾ ਨਦੀ ਕੋਲ ਲੱਗਣ ਵਾਲੇ ਕੂੜੇ ਦੇ ਡੰਪ ਨੂੰ ਖਤਮ ਕਰਨ ਲਈ ਨਗਰ ਕੌਂਸਲ ਵੱਲੋਂ 65 ਲੱਖ ਦੀ ਲਾਗਤ ਨਾਲ ਵੱਡਾ ਐਮ ਆਰ ਐਫ ਸੈਂਟਰ ਬਣਾਇਆ ਜਾ ਰਿਹਾ ਹੈ,ਜਿਸ ਦੇ ਮੁਕੰਮਲ ਹੋਣ ਨਾਲ ਲੋਕਾਂ ਦੀ ਇਹ ਸਮੱਸਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ।
ਇਹ ਜਾਣਕਾਰੀ ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਨੇ ਦਿੱਤੀ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਪਹਿਲਾਂ ਵੀ ਇੱਕ ਐਮਆਰਐਫ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਹੁਣ ਇੱਕ ਹੋਰ ਵੱਡਾ ਐਮਆਰਐਫ ਸੈਂਟਰ ਬਣਨ ਨਾਲ ਸ਼ਹਿਰ ਵਿੱਚੋਂ ਕੂੜੇ ਦੇ ਡੰਪ ਖਤਮ ਹੋ ਜਾਣਗੇ। ਉਹਨਾਂ ਦੱਸਿਆ ਕਿ ਇਸ ਸੈਂਟਰ ਦਾ ਕੰਮ ਲਗਭਗ 25 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ। ਉਹਨਾਂ ਦੱਸਿਆ ਕਿ ਇਹ ਸੈਂਟਰ ਪਹਿਲਾਂ ਚਾਵਲਾ ਚੌਂਕ ਵਿਖੇ ਬਣਾਇਆ ਜਾ ਰਿਹਾ ਸੀ ਪਰੰਤੂ ਲੋਕਾਂ ਦੇ ਵਿਰੋਧ ਕਾਰਨ ਹੁਣ ਇਸ ਨੂੰ ਦੁਬਾਰਾ ਨਵੀਂ ਥਾਂ ਤੇ ਬਣਾਇਆ ਜਾ ਰਿਹਾ ਹੈ।
ਸ਼੍ਰੀ ਸੰਗੀਤ ਕੁਮਾਰ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਫਾਈ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਵੱਖ ਵੱਖ ਟੀਮਾਂ ਬਣਾ ਕੇ ਸਾਫ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਇਸ ਇਤਿਹਾਸਕ ਸ਼ਹਿਰ ਦੀ ਸਫਾਈ ਪੱਖੋਂ ਵਧੀਆ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਲੋਕ ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਲਿਫਾਫਿਆਂ ਵਿੱਚ ਪਾ ਕੇ ਸੜਕਾਂ ਕਿਨਾਰੇ ਸੁੱਟ ਦਿੰਦੇ ਹਨ ਜਿਸ ਕਾਰਨ ਕੂੜੇ ਦੇ ਡੰਪ ਲੱਗ ਜਾਂਦੇ ਹਨ। ਉਹਨਾਂ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਦਾ ਕੂੜਾ ਵੱਖ ਵੱਖ ਕਰਕੇ ਰੱਖਣ ਤਾਂ ਡੰਪ ਲੱਗਣ ਦੀ ਸਮੱਸਿਆ ਦਾ 70 ਫੀਸਦੀ ਤੱਕ ਨਿਪਟਾਰਾ ਹੋ ਸਕਦਾ ਹੈ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿ ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਹੀ ਦੇਣ ਤਾਂ ਜੋ ਕੂੜੇ ਦੇ ਢੇਰ ਲੱਗਣ ਦੀ ਸਮੱਸਿਆ ਦਾ ਨਿਪਟਾਰਾ ਹੋ ਸਕੇ।