ਸੁਨਾਮ : ਦੋ ਦਹਾਕਿਆਂ ਤੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਦੇ ਲਈ ਸ਼ੁਰੂ ਕੀਤੇ ਗਏ ਸੰਘਰਸ਼ ਅਧੀਨ ਸ਼ਨਿੱਚਰਵਾਰ ਨੂੰ ਵੱਡੀ ਗਿਣਤੀ ਕੰਪਿਊਟਰ ਅਧਿਆਪਕਾਂ ਨੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ਼ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦੇ ਅੱਗੇ ਝਾੜੂ ਸੁੱਟਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ 'ਝੂਠੇ ਵਾਅਦਿਆਂ ਦੀ ਲੋਹੜੀ' ਬਾਲਕੇ ਪੰਜਾਬ ਸਰਕਾਰ ਦੇ ਖਿਲਾਫ ਜੰਮਕੇ ਪਿੱਟ ਸਿਆਪਾ ਕੀਤਾ। ਅੱਜ ਦੇ ਪ੍ਰਦਰਸ਼ਨ ਦੀ ਖ਼ਾਸ ਗੱਲ ਇਹ ਰਹੀ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਝਾੜੂ ਲੈਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਘਰ ਅੱਗੇ ਪਹੁੰਚੇ,ਪਹਿਲਾਂ ਉਨ੍ਹਾਂ ਵੱਲੋਂ ਵੱਡੀ ਗਿਣਤੀ ਵਿੱਚ ਝਾੜੂ ਫੂਕਣ ਦਾ ਐਲਾਨ ਕੀਤਾ ਗਿਆ ਸੀ ਪਰ ਕਮੇਟੀ ਦੇ ਫੈਸਲੇ ਅਨੁਸਾਰ ਸਮੂਹ ਅਧਿਆਪਕਾਂ ਨੇ ਪਾਰਟੀ ਪ੍ਰਧਾਨ ਦੇ ਘਰ ਅੱਗੇ ਝਾੜੂ ਸੁੱਟਕੇ ਰੋਸ ਜਾਹਿਰ ਕੀਤਾ।
ਇਸ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਰਜਵੰਤ ਕੌਰ, ਬਵਲੀਨ ਕੌਰ ਆਦਿ ਦੇ ਨਾਲ ਨਾਲ ਵੱਖ ਵੱਖ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੇ ਨਾਲ ਅਣਮਨੁੱਖੀ ਵਤੀਰਾ ਅਪਣਾ ਰਹੀ ਹੈ। ਉਨ੍ਹਾਂ ਵੱਲੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ 1 ਸਤੰਬਰ 2024 ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਜੋ ਅੱਜ ਵੀ ਜਾਰੀ ਹੈ ਇਸ ਦੇ ਨਾਲ ਹੀ ਉਹਨਾਂ ਦੇ ਸਾਥੀ ਜੋਨੀ ਸਿੰਗਲਾ ਵੱਲੋਂ 22 ਦਸੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਜਿਨਾਂ ਨੂੰ 2 ਜਨਵਰੀ ਦੀ ਰਾਤ ਨੂੰ ਪੁਲਿਸ ਵੱਲੋਂ ਜਬਰੀ ਧਰਨਾ ਸਥਾਨ ਤੋਂ ਚੁੱਕ ਕੇ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਜਿੱਥੇ ਉਹ ਅੱਜ ਵੀ ਮਰਨ ਵਰਤ ਤੇ ਡਟੇ ਹੋਏ ਹਨ।
ਉਹਨਾਂ ਦਾ ਦੂਜਾ ਸਾਥੀ ਕਾਮਰੇਡ ਰਣਜੀਤ ਸਿੰਘ ਸੰਗਰੂਰ ਵਿਖੇ ਧਰਨੇ ਵਾਲੀ ਥਾਂ ਮਰਨ ਵਰਤ ਤੇ ਡਟਿਆ ਹੋਇਆ ਹੈ। ਸੂਬਾ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਹੋਈਆਂ ਮੀਟਿੰਗਾਂ ਵਿੱਚ ਉਨ੍ਹਾਂ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁੱਝ ਵੀ ਨਹੀਂ ਮਿਲਿਆ। ਉਨ੍ਹਾਂ ਆਖਿਆ ਕਿ ਪਿਛਲੇ ਲਗਭਗ ਸਾਢੇ ਚਾਰ ਮਹੀਨੇ ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਚੱਲ ਰਹੀ ਭੁੱਖ ਹੜਤਾਲ ਅਤੇ ਮਰਨ ਵਰਤ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਦੇ ਲਈ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਨਹੀਂ ਪੁੱਜਾ। ਉਹਨਾਂ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਦੱਸਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਅੱਜ ਉਹਨਾਂ ਦੀਆਂ ਮੰਗਾਂ ਨੂੰ ਮੰਨਣ ਤੋਂ ਪਾਸਾ ਵੱਟ ਰਹੇ ਹਨ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਮਰਨ ਵਰਤ ਤੇ ਡਟੇ ਰਹਿਣਗੇ ਅਤੇ ਸੂਬਾ ਸਰਕਾਰ ਦਾ ਵੱਡੇ ਪੱਧਰ ਤੇ ਵਿਰੋਧ ਜਾਰੀ ਰਹੇਗਾ।
ਕੰਪਿਊਟਰ ਅਧਿਆਪਕਾਂ ਨੇ ਮੰਗਾਂ ਸਬੰਧੀ ਕਿਹਾ ਕਿ ਉਨ੍ਹਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਕੇ ਉਨ੍ਹਾਂ ਦੇ ਆਰਡਰਾਂ ਵਿੱਚ ਸਾਰੇ ਦਰਜ਼ ਸਾਰੇ ਲਾਭ ਬਹਾਲ ਕਰਕੇ ਸਿੱਖਿਆ ਵਿਭਾਗ ਵਿੱਚ ਬਿਨਾਂ ਸ਼ਰਤ ਮਰਜ ਕੀਤਾ ਜਾਵੇ। ਇਸ ਮੌਕੇ ਕੰਪਿਊਟਰ ਅਧਿਆਪਕਾਂ ਦੇ ਨਾਲ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਰਘਵੀਰ ਸਿੰਘ ਭਵਾਨੀਗੜ੍ਹ, ਰਣਦੀਪ ਸਿੰਘ ਸੂਬਾ ਜਰਨਲ ਸਕੱਤਰ, ਵਿਕਰਮ ਦੇਵ, ਰਾਜੀਵ ਬਰਨਾਲਾ, ਗੁਰਜੀਤ ਘੱਗਾ, ਕਰਨੈਲ ਸਿੰਘ ਨੇ ਸੰਬੋਧਨ ਕੀਤਾ।