ਸੁਨਾਮ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ 21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦੇ ਦਿੱਤੇ ਸੱਦੇ ਨੂੰ ਸਮਰਥਨ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਜਥੇਬੰਦੀ ਦੀ ਜਸਵੀਰ ਸਿੰਘ ਮੈਦੇਵਾਸ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਮੈਦੇਵਾਸ ਅਤੇ ਸੰਤ ਰਾਮ ਛਾਜਲੀ ਨੇ ਕਿਹਾ ਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਸੂਬਾ ਸਰਕਾਰ ਨੇ ਕੇਂਦਰ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਆਖਿਆ ਕਿ 21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਡੀ ਗਿਣਤੀ ਵਿੱਚ ਕਿਸਾਨ ਸ਼ੰਭੂ ਬਾਰਡਰ ਤੇ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਪਿਛਲੇ ਗਿਆਰਾਂ ਮਹੀਨੇ ਤੋਂ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਤੇ ਧਰਨਾ ਲਾ ਕੇ ਬੈਠੇ ਹਨ ਲੇਕਿਨ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੇ ਸ਼ਰਮਿੰਦਗੀ ਭਰੀ ਚੁੱਪ ਧਾਰੀ ਹੋਈ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਸੰਘਰਸ਼ੀ ਲੋਕ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਸੁਖਦੇਵ ਸ਼ਰਮਾ, ਹਰਦੇਵ ਸਿੰਘ ਕੁਲਾਰ, ਰਾਜ ਸਿੰਘ ਮੰਗਵਾਲ, ਸਤਗੁਰ ਸਿੰਘ ਨਮੋਲ, ਮਹਿੰਦਰ ਸਿੰਘ ਮੰਗਵਾਲ, ਬਾਬੂ ਸਿੰਘ ਮੂਣਕ ਅਤੇ ਅਮਨਦੀਪ ਸਿੰਘ ਮੰਡਵੀ ਆਦਿ ਕਿਸਾਨ ਆਗੂ ਹਾਜ਼ਰ ਸਨ।