ਪਟਿਆਲਾ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੇ ਹਮਲੇ ਤੋਂ ਬਚਾਉਣ ਲਈ ਆਪਣੇ ਖੇਤਾਂ ਦਾ ਨਿਰੀਖਣ ਸਵੇਰੇ ਸ਼ਾਮ ਕਰਦੇ ਰਹਿਣ। ਉਨ੍ਹਾਂ ਨੇ ਦੱਸਿਆ ਕਿ ਪੀਲੀ ਕੂੰਗੀ ਦੇ ਹਮਲੇ ਲਈ ਦਿਨ ਦਾ ਤਾਪਮਾਨ 13-24 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 7-13 ਡਿਗਰੀ ਸੈਲਸੀਅਸ ਅਤੇ ਨਮੀ ਦੀ ਮਾਤਰਾ 85 ਫ਼ੀਸਦੀ ਅਨੁਕੂਲ ਹੁੰਦੀ ਹੈ। ਇਸ ਬਿਮਾਰੀ ਦਾ ਹਮਲਾ ਨੀਮ ਪਹਾੜੀ ਇਲਾਕਿਆਂ ਤੋਂ ਸ਼ੁਰੂ ਹੋ ਕੇ ਮੈਦਾਨੀ ਇਲਾਕਿਆਂ ਵਿੱਚ ਫੈਲਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਕਿਹਾ ਕਿ ਇਸ ਬਿਮਾਰੀ ਨਾਲ ਕਣਕ ਦੀ ਫ਼ਸਲ ਦੇ ਪੱਤੇ ਹਲਦੀ ਰੰਗ ਦੇ ਹੋ ਜਾਂਦੇ ਹਨ ਅਤੇ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਇਸ ਦਾ ਨਿਰੀਖਣ ਕਰਦੇ ਹਨ ਤਾਂ ਉਨ੍ਹਾਂ ਦੇ ਕੱਪੜਿਆਂ ਉੱਪਰ ਹਲਦੀ ਰੰਗ ਸਾਫ਼ ਨਜ਼ਰ ਆਉਂਦਾ ਹੈ। ਜੇਕਰ ਕਿਸੇ ਕਿਸਾਨ ਦੇ ਖੇਤ ਵਿੱਚ ਇਸ ਬਿਮਾਰੀ ਦਾ ਹਮਲਾ ਦੇਖਣ ਵਿੱਚ ਆਵੇ ਤਾਂ ਉਹ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਸੰਪਰਕ ਕਰਨ ਤਾਂ ਜੋ ਇਸ ਬਿਮਾਰੀ ਨੂੰ ਹਵਾ ਰਾਹੀ ਹੋਰ ਖੇਤਾਂ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਇਸ ਬਿਮਾਰੀਆਂ ਦੀਆਂ ਨਿਸ਼ਾਨੀਆਂ ਮੈਗਨੀਜ, ਯੂਰੀਆ ਅਤੇ ਸਲਫ਼ਰ ਦੀ ਕਮੀ ਨਾਲ ਮੇਲ ਖਾਂਦੀਆਂ ਹਨ, ਪ੍ਰੰਤੂ ਇਸ ਬਿਮਾਰੀ ਦੇ ਹਮਲੇ ਦਾ ਪਤਾ ਕੱਪੜਿਆਂ ਉੱਪਰ ਪੀਲੇ ਰੰਗ ਦੇ ਨਿਸ਼ਾਨ ਤੋਂ ਆਸਾਨੀ ਨਾਲ ਪਤਾ ਲੱਗ ਜਾਂਦਾ ਹੈ।