ਸੁਨਾਮ : ਪੰਜਾਬ ਅੰਦਰ ਦਲਿਤਾਂ ਨਾਲ ਕਥਿਤ ਧੱਕੇਸ਼ਾਹੀ ਦੀਆਂ ਘਟਨਾਵਾਂ ਆਮ ਦੇਖਣ ਨੂੰ ਮਿਲ ਰਹੀਆਂ ਹਨ,ਅਜਿਹੀ ਹੀ ਇੱਕ ਘਟਨਾ ਸੁਨਾਮ ਨੇੜਲੇ ਪਿੰਡ ਮਰਦਖੇੜਾ ਵਿਖੇ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਪਿੰਡ ਮਰਦਖੇੜਾ ਵਿਖੇ ਕੁੱਝ ਇੱਕ ਬਾਰਸੂਖ਼ ਵਿਅਕਤੀਆਂ ਵੱਲੋਂ ਦਲਿਤ ਭਾਈਚਾਰੇ ਨਾਲ ਸਬੰਧਿਤ ਲੋਕਾਂ ਦੇ ਘਰਾਂ ਨੂੰ ਜਾਂਦਾ ਰਸਤਾ ਬੰਦ ਕਰ ਦਿੱਤਾ ਗਿਆ ਹੈ। ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਬੀ ਡੀ ਪੀ ਓ ਸੁਨਾਮ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੋਬਿੰਦ ਛਾਜਲੀ ਨੇ ਕਿਹਾ ਕਿ ਬਦਲਾਅ ਦੇ ਨਾਂਅ ਹੇਠ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਦਲਿਤ ਸਮਾਜ ਨਾਲ ਹੋ ਰਹੀ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ ਮਜ਼ਦੂਰਾਂ ਦੇ ਘਰਾਂ ਦਾ ਰਸਤਾ ਬੰਦ ਕਰਨ ਵਾਲੇ ਵਿਅਕਤੀ ਦੇ ਖਿਲਾਫ ਐਸ ਸੀ ਐਸ ਟੀ ਐਕਟ ਤਹਿਤ ਕੇਸ ਦਰਜ ਕਰਨ ਲਈ ਪੁਲਿਸ ਚੌਂਕੀ ਮਹਿਲਾ ਦੇ ਖਿਲਾਫ ਜਲਦੀ ਹੀ ਐਕਸ਼ਨ ਉਲੀਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀਡੀਪੀਓ ਸੁਨਾਮ ਨੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਪੀੜਤ ਪਰਿਵਾਰ ਦੇ ਮੈਂਬਰ ਬਲਜੀਤ ਸਿੰਘ, ਕਿਰਨਦੀਪ ਕੌਰ, ਅਮਰਜੀਤ ਕੌਰ, ਪੱਪੀ ਸਿੰਘ ਆਦਿ ਹਾਜ਼ਰ ਸਨ।