ਸੰਗਰੂਰ : ਜ਼ਿਲ੍ਹਾ ਟਰੈਫਿਕ ਪੁਲਿਸ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਹੋਈ ਹੈ। ਅੱਜ ਜ਼ਿਲਾ ਟਰੈਫਿਕ ਪੁਲਿਸ ਨੇ ਇੱਕ ਵਿਸ਼ੇਸ਼ ਅਭਿਆਨ ਚਲਾਉਂਦੇ ਹੋਏ ਮੋਟਰਸਾਈਕਲਾਂ ਦੇ ਪਟਾਖੇ ਮਾਰ ਕੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਕੀਤੀ ਗਈ ਜਾਂਚ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਕੁਝ ਮੋਟਰਸਾਈਕਲਾਂ ਦੇ ਚਾਲਕ ਸਾਈਲੇਂਸਰਾਂ ਰਾਹੀਂ ਪਟਾਖੇ ਮਾਰਦੇ ਹਨ ਜਿਸ ਕਾਰਨ ਜਿੱਥੇ ਸ਼ੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ ਓਥੇ ਹੀ ਆਵਾਜਾਈ ਨਿਯਮਾਂ ਦੀ ਉਲੰਘਣਾ ਵੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੇ ਚਲਾਨ ਕੱਟੇ ਗਏ ਅਤੇ ਪਟਾਖਿਆਂ ਲਈ ਵਰਤੇ ਜਾਂਦੇ ਸਾਈਲੇਂਸਰਾਂ ਨੂੰ ਉਤਾਰ ਕੇ ਤੋੜ ਦਿੱਤੇ ਗਏ ਹਨ।
ਟਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਟਰੈਫਿਕ ਪੁਲਿਸ ਵੱਲੋਂ ਕੀਤੀ ਗਈ ਚੈਕਿੰਗ ਦੇ ਦੌਰਾਨ ਦਸਤਾਵੇਜ਼ੀ ਕਮੀਆਂ ਪਾਏ ਜਾਣ ਉਤੇ 30 ਚਲਾਨ ਵੀ ਕੱਟੇ ਗਏ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।