ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀਬਾੜੀ ਖਰੜੇ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਸੋਮਵਾਰ ਨੂੰ ਮੁਲਕ ਦੇ ਐਮ ਪੀ ਨੂੰ ਮੰਗ ਪੱਤਰ ਦੇਕੇ ਰੋਸ ਪ੍ਰਦਰਸ਼ਨ ਕਰਨਗੇ। ਐਤਵਾਰ ਨੂੰ ਪਿੰਡ ਉਗਰਾਹਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਡਰਾਫਟ ਨਾਲ ਕਿਸਾਨਾਂ ਦੀਆਂ ਫਸਲਾਂ ਅਤੇ ਨਸਲਾਂ ਬਰਬਾਦ ਹੋ ਜਾਣਗੀਆਂ। ਖੇਤੀਬਾੜੀ ਡਰਾਫਟ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਹਨ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣਕੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਦੇ ਰਾਹ ਤੁਰੀ ਹੋਈ ਹੈ ਜਮੀਨ ਐਕਵਾਇਰ ਬਿੱਲ ਕਿਸਾਨੀ ਧੰਦੇ ਨੂੰ ਖ਼ਤਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ। ਕਿਸੇ ਵੀ ਕੀਮਤ ਤੇ ਕਿਸਾਨ ਦੀ ਜਮੀਨ ਧੱਕੇ ਨਾਲ ਐਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਪਾਲ ਸਿੰਘ ਦੌਲੇਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ।