ਫ਼ਤਹਿਗੜ੍ਹ ਸਾਹਿਬ : ਸਰਹਿੰਦ ਵਿਖੇ ਜਿਊਲਰੀ ਦੀ ਦੁਕਾਨ ਤੇ ਚੋਰੀ ਕਰਨ ਵਾਲਿਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ ਪੁਲਿਸ ਇਸ ਮਾਮਲੇ ਦੀ ਵੱਖ ਵੱਖ ਤਰੀਕਿਆਂ ਨਾਲ ਛਾਣਬੀਣ ਕਰ ਰਹੀ ਹੈ। ਇਹ ਜਾਣਕਾਰੀ ਥਾਣਾ ਫਤਿਹਗੜ੍ਹ ਸਾਹਿਬ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਮਲਕੀਤ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦਾ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਫੜਨ ਵਾਸਤੇ ਆਧੁਨਿਕ ਢੰਗ ਤਰੀਕਿਆਂ ਨਾਲ ਦੋਸ਼ੀਆਂ ਦੀ ਭਾਲ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ।
ਮੁੱਖ ਥਾਣਾ ਅਫਸਰ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਦਿਨ ਰਾਤ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀ ਛੇਤੀ ਹੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ ਅਤੇ ਲੋਕਾਂ ਨੂੰ ਇਨਸਾਫ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਹਨਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਮਾੜੇ ਅਨਸਰਾਂ ਵਿਰੁੱਧ ਤੁਰੰਤ ਨੇੜੇ ਦੇ ਪੁਲਿਸ ਥਾਣੇ ਵਿੱਚ ਸੂਚਨਾ ਦਿੱਤੀ ਜਾਵੇ ਤਾਂ ਜੋ ਸਮਾਜ ਅੰਦਰ ਅਮਨ ਤੇ ਸ਼ਾਂਤੀ ਬਰਕਰਾਰ ਰੱਖੀ ਜਾਵੇ।