ਸੁਨਾਮ : ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਸੰਗਠਨਾਂ ਵੱਲੋਂ 26 ਜਨਵਰੀ ਨੂੰ ਦਿੱਤੇ ਦੇਸ਼ ਵਿਆਪੀ ਟਰੈਕਟਰ ਮਾਰਚ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਜਥੇਬੰਦੀਆਂ ਨੇ ਵਿਚਾਰ ਚਰਚਾ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ, ਜਸਵੀਰ ਸਿੰਘ ਮੈਦੇਵਾਸ ਅਤੇ ਸੰਤ ਰਾਮ ਛਾਜਲੀ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਪਿਛਲੇ ਗਿਆਰਾਂ ਮਹੀਨਿਆਂ ਤੋਂ ਸੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਤੇ ਧਰਨੇ ਲਾਕੇ ਬੈਠੇ ਹਨ ਬਾਵਜੂਦ ਇਸਦੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਚੁੱਪ ਧਾਰ ਕੇ ਬੈਠੀ ਹੈ। ਉਨ੍ਹਾਂ ਆਖਿਆ ਕਿ ਬੇਸ਼ੱਕ ਕਿਸਾਨਾਂ ਦੇ ਦਬਾਅ ਹੇਠ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਮੀਟਿੰਗ ਤੈਅ ਕੀਤੀ ਹੈ ਲੇਕਿਨ ਕਿਸਾਨਾਂ ਵੱਲੋਂ 26 ਜਨਵਰੀ ਨੂੰ ਦੇਸ਼ ਵਿਆਪੀ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂ ਜਸਵੀਰ ਸਿੰਘ ਮੈਦੇਵਾਸ ਅਤੇ ਸੰਤ ਰਾਮ ਛਾਜਲੀ ਨੇ ਦੱਸਿਆ ਕਿ ਜਥੇਬੰਦੀ ਦੇ ਸੁਨਾਮ ਬਲਾਕ ਵੱਲੋਂ 26 ਜਨਵਰੀ ਨੂੰ ਛਾਜਲੀ ਵਿਖੇ ਸਥਿਤ ਸਾਈਲੋ ਪਲਾਂਟ ਦੇ ਗੇਟ ਮੂਹਰੇ 12 ਤੋਂ ਡੇਢ ਵਜੇ ਤੱਕ ਧਰਨਾ ਦੇਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਹਰਦੇਵ ਸਿੰਘ ਕੁਲਾਰਾਂ, ਮੱਖਣ ਸਿੰਘ ਪਾਪੜਾ, ਸੁਖਦੇਵ ਸਿੰਘ ਲੌਂਗੋਵਾਲ, ਬੀਬੀ ਕਰਮਜੀਤ ਕੌਰ ਭਿੰਡਰਾਂ, ਬਾਰਾ ਸਿੰਘ ਮੰਗਵਾਲ, ਕੁਲਵਿੰਦਰ ਸਿੰਘ ਪੇਧਨੀ, ਸੁਖਦੇਵ ਸਿੰਘ ਕਿਲਾ ਭਰੀਆਂ, ਬੂਟਾ ਸਿੰਘ ਝਾੜੋਂ, ਪ੍ਰਿਤਪਾਲ ਸਿੰਘ ਛਾਜਲੀ ਸਮੇਤ ਹੋਰ ਆਗੂ ਹਾਜ਼ਰ ਸਨ।