ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ-ਰਾਕੇਸ਼ ਯਾਦਵ
ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਬੂਰ ਪਿਆ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੀਆਂ ਹਦਾਇਤਾਂ ਤੇ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਧਾਰਾ 64-ਏ ਅਧੀਨ ਘੱਟ ਮਾਤਰਾ ਚ ਨਸ਼ੇ ਨਾਲ ਕਾਬੂ ਕੀਤੇ 09 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਨਸ਼ਾ ਮੁਕਤ ਸਮਾਜ ਸਿਰਜਣ ਦੇ ਮੰਤਵ ਲਈ ਸ਼ਲਾਘਾਯੋਗ ਕੰਮ ਕੀਤਾ। ਇਹ ਜਾਣਕਾਰੀ ਐਸ.ਪੀ. (ਜਾਂਚ) ਰਾਕੇਸ਼ ਯਾਦਵ ਨੇ ਦਿੱਤੀ।
ਐਸ.ਪੀ.(ਜਾਂਚ) ਰਾਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਧਾਰਾ 64-ਏ ਅਧੀਨ ਘੱਟ ਮਾਤਰਾ `ਚ ਬਰਾਮਦ ਨਸ਼ੇ ਨਾਲ ਕਾਬੂ ਕੀਤੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਅੰਦਰ ਚੱਲ ਰਹੇ ਕੇਸ ਦੀ ਹਰੇਕ ਸਥਿਤੀ ਦੌਰਾਨ ਜੇਕਰ ਨਸ਼ੇ ਦਾ ਆਦੀ ਵਿਅਕਤੀ ਕੋਰਟ ਵਿੱਚ ਨਸ਼ਾ ਛੱਡਣ ਦਾ ਹਲਫਨਾਮਾ ਦਾਇਰ ਕਰਦਾ ਹੈ ਤਾਂ ਪੁਲਿਸ ਵੱਲੋਂ ਮਾਣਯੋਗ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਤ ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਆਦੀ ਵਿਅਕਤੀ ਦੀ ਮਨੋਰੋਗ ਦੇ ਮਾਹਰ ਡਾਕਟਰ ਵੱਲੋਂ ਪੁਲਿਸ ਨੂੰ ਲਿਖਤੀ ਸੂਚਨਾ ਪ੍ਰਾਪਤ ਹੋਣ `ਤੇ ਅਦਾਲਤ ਵਿੱਚ ਪੇਸ਼ ਕਰਕੇ ਨਸ਼ਾ ਕਰਨ ਵਾਲੇ ਦਾ ਕੇਸ ਭਾਵੇਂ ਕਿਸੇ ਵੀ ਸਥਿਤੀ ਵਿੱਚ ਹੋਵੇ ਉਸ ਨੂੰ ਉਥੇ ਹੀ ਖਤਮ ਕਰ ਦਿੱਤਾ ਜਾਂਦਾ ਹੈ ਅਤੇ ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਨਸ਼ਿਆਂ ਰਹਿਤ ਜਿੰਦਗੀ ਬਤੀਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ।
ਸ਼੍ਰੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੰਪਰਕ ਪ੍ਰੋਗਰਾਮ ਤਹਿਤ ਹਰੇਕ ਸਬ ਡਵੀਜ਼ਨ ਪੱਧਰ ਤੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਭੈੜੀ ਅਲਾਮਤਾਂ ਤੋਂ ਨੌਜਵਾਨ ਪੀੜ੍ਹੀ ਨੂੰ ਦੂਰ ਰੱਖਣ ਲਈ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿੱਚ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨ਼ਸਿਆਂ ਨੂੰ ਨੱਥ ਪਾਉਣ ਲਈ ਲਗਾਤਾਰ ਯਤਨਸ਼ੀਲ ਹੈ ਉਥੇ ਹੀ ਮਾਪਿਆਂ ਅਤੇ ਸਮਾਜ ਦੇ ਹਰੇਕ ਵਿਅਕਤੀ ਨੂੰ ਇਸ ਨੇਕ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਸਮੇਂ ਦੀ ਲੋੜ ਹੈ।