ਸੁਨਾਮ : ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਭਗਵੰਤ ਮਾਨ ਸਰਕਾਰ ਤੋਂ ਮੋਹ ਭੰਗ ਹੋਇਆ ਸਪਸ਼ਟ ਨਜ਼ਰ ਆ ਰਿਹਾ ਹੈ। ਵੀਰਵਾਰ ਨੂੰ ਸਿਹਤ ਵਿਭਾਗ ਦੇ ਮਲਟੀਪਰਪਜ ਹੈਲਥ ਵਰਕਰ ਇੰਪਲਾਈਜ ਯੂਨੀਅਨ ਮੇਲ਼ ਫੀਮੇਲ ਜਥੇਬੰਦੀ ਦੇ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਅਵਤਾਰ ਸਿੰਘ ਗੰਢੂਆਂ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੇ ਰੋਕੇ ਗਏ ਭੱਤਿਆਂ ਨੂੰ ਚਾਲੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸਤੰਬਰ 2021 ਤੋਂ ਮੁਲਾਜ਼ਮਾਂ ਦੇ ਭੱਤੇ ਰੈਸਨੇਲਾਈਜੇਸਨ ਦੇ ਨਾਮ ਤੇ ਰੋਕੇ ਗਏ ਅਤੇ ਏ ਸੀ ਪੀ ਸਕੀਮ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਰੋਕ ਰੱਖੀ ਹੈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਸਵਾ ਤਿੰਨ ਸਾਲ ਤੋਂ ਸੂਬੇ ਦੇ ਵਿੱਤ ਮੰਤਰੀ, ਸਿਹਤ ਮੰਤਰੀ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਹਰ ਵਾਰ ਭਰੋਸਾ ਮਿਲਦਾ ਰਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਕੀਤਾ ਜਾਵੇਗਾ ਲੇਕਿਨ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਮਿਲਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਵਿਭਾਗੀ ਮਸਲੇ ਹੱਲ ਕਰਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲੱਗੇ ਹਨ ਜੇਕਰ ਸਰਕਾਰ ਨੇ ਬਜ਼ਟ ਸੈਸ਼ਨ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦਲਜੀਤ ਢਿੱਲੋਂ, ਕੁਲਵਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸ਼ੇਰਪੁਰ, ਗੁਰਸੇਵਕ ਮੂਨਕ, ਜਸਵਿੰਦਰ ਸਿੰਘ ਪੇਧਨੀ, ਜਗਦੀਪ ਬਡਰੁੱਖਾਂ, ਦਵਿੰਦਰ ਸੁਨਾਮ ਹਾਜ਼ਰ ਸਨ।