ਫਤਹਿਗੜ੍ਹ ਸਾਹਿਬ : ਨੇਤਾ ਜੀ ਸੁਭਾਸ਼ ਚੰਦਰ ਬੋਸ ਜੇਯੰਤੀ ਦੇ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਜੀਸਸ ਸੇਵੀਅਰ ਸਕੂਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਚੀਫ ਜੂਡੀਸ਼ੀਅਲ ਮੇਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਸ਼ਬਦਾਂ, "ਮੈਨੂੰ ਆਪਣਾ ਖੂਨ ਦਿਓ, ਅਤੇ ਮੈਂ ਤੁਹਾਨੂੰ ਆਜ਼ਾਦੀ ਦਿਆਂਗਾ," ਨੇ ਅਣਗਿਣਤ ਭਾਰਤੀ ਨੌਜਵਾਨਾਂ ਨੂੰ ਬ੍ਰਿਟਿਸ਼ ਰਾਜ ਤੋਂ ਆਜ਼ਾਦੀ ਦੀ ਲੜਾਈ ਵਿੱਚ ਹਥਿਆਰ ਚੁੱਕਣ ਲਈ ਪ੍ਰੇਰਿਤ ਕੀਤਾ। ਨੇਤਾ ਜੀ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਇੱਕ ਮਹੱਤਵਪੂਰਣ ਭੂਮਿਕਾ ਨਿਭਾਈ।
ਸਕੱਤਰ ਨੇ ਵਿਦਿਆਰਥੀਆਂ ਨੂੰ ਨੇਤਾ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਦੇਸ਼ ਸੇਵਾ ਵਿੱਚ ਹਿੱਸਾ ਪਾਉਣ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਉੱਥੋਂ ਦੇ ਨੌਜਵਾਨ ਵਰਗ ਤੇ ਹੀ ਨਿਰਭਰ ਕਰਦੀ ਹੈ। ਇਸ ਲਈ ਨੌਜਵਾਨ ਪੀੜ੍ਹੀ ਦੇ ਵਿਅਕਤੀਤਵ ਦੇ ਚੌਹਤਰਫਾ ਵਿਕਾਸ ਲਈ ਨੌਜਵਾਨ ਵਰਗ ਨੂੰ ਸਕੂਲ ਅਤੇ ਕਾਲਜ ਪੱਧਰ ਤੋਂ ਹੀ ਅਜਿਹੀ ਸਿੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਦੇ ਵਿਅਕਤੀਤਵ ਵਿੱਚ ਹੋਰ ਨਿਖਾਰ ਆਵੇ। ਉਨ੍ਹਾਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਆਯੋਜਿਤ ਇਸ ਸਮਾਗਮ ਦੌਰਾਨ ਨੇਤਾ ਜੀ ਸੁਭਾਸ਼ ਚੰਦਰ ਬੋਸ ਜੇਯੰਤੀ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸਾਜੀਮੋਨ ਜਾਰਜ ਨੇ ਵੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜ਼ਿੰਦਗੀ ਅਤੇ ਸੰਘਰਸ਼ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।