ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਰੋਕਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਜਰੂਰੀ-ਏ.ਡੀ.ਟੀ.ਓ. ਪ੍ਰਦੀਪ ਸਿੰਘ
ਫ਼ਤਹਿਗੜ੍ਹ ਸਾਹਿਬ : ਦਿਨੋਂ ਦਿਨ ਵੱਧ ਰਹੇ ਸੜ੍ਹਕੀ ਹਾਦਸਿਆਂ ਨੂੰ ਰੋਕਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਇਸ ਲਈ ਸਮੂਹ ਨਾਗਰਿਕਾਂ ਦਾ ਇਹ ਫਰਜ਼ ਬਣਦਾ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜ੍ਹਕ ਦੁਰਘਟਨਾਵਾਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਸਿੰਘ ਨੇ ਬਾਲ ਸੁਰੱਖਿਆ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਡੀ.ਸੀ. ਦਫ਼ਤਰ ਨੇੜੇ ਵਾਹਨਾਂ ਦੀ ਚੈਕਿੰਗ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ।
ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਆਦੇਸ਼ਾਂ ਅਨੁਸਾਰ ਅੱਜ ਸੜ੍ਹਕ ਸੁਰੱਖਿਆ ਤੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਇਸ ਮੌਕੇ 14 ਸਕੂਲ ਬੱਸਾਂ ਵਿੱਚੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਤੇ 06 ਬੱਸਾਂ ਦੇ ਚਲਾਨ ਕੀਤੇ ਗਏ ਜਦੋਂ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 16 ਦੂਸਰੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਕੀਤੀ ਗਈ ਹੈ। ਜਿਸ ਤਹਿਤ ਜਿਹੜੀਆਂ ਸਕੂਲ ਬੱਸਾਂ ਵਿੱਚ ਲੜਕੀਆਂ ਸਫਰ ਕਰਦੀਆਂ ਹਨ, ਉਨ੍ਹਾਂ ਵਿੱਚ ਮਹਿਲਾ ਅਟੈਂਡੰਟ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।
ਇਸ ਮੌਕੇ ਸਿੱਖਿਆ ਵਿਭਾਗ, ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।