ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਡਿਊਟੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਾਈ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਗਠਨ ਜਨਰਲ ਸਕੱਤਰ ਵੱਲੋਂ ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਹਾਈਕਮਾਨ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਾਈ ਡਿਊਟੀ ਨੂੰ ਦ੍ਰਿੜ੍ਹਤਾ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਝੂਠ ਦਾ ਪਰਦਾਫਾਸ਼ ਕਰਨ ਲਈ ਉਹ ਆਪਣੀ ਟੀਮ ਨਾਲ ਦਿਨ ਰਾਤ ਪ੍ਰਚਾਰ ਕਰਨਗੇ, ਪੰਜਾਬ ਅੰਦਰ ਬੁਰੀ ਤਰ੍ਹਾਂ ਫੇਲ੍ਹ ਹੋਈ ਸਰਕਾਰ ਦਾ ਇਸ਼ਤਿਹਾਰਬਾਜ਼ੀ ਰਾਹੀਂ ਕੀਤਾ ਜਾ ਰਿਹਾ ਪ੍ਰਚਾਰ ਦਿੱਲੀ ਦੇ ਵੋਟਰਾਂ ਸਾਹਮਣੇ ਲਿਆਂਦਾ ਜਾਵੇਗਾ। ਕਾਂਗਰਸੀ ਆਗੂ ਰਾਜਾ ਬੀਰਕਲਾਂ ਨੇ ਕਿਹਾ ਕਿ ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ ਜਦਕਿ ਮੁੱਖ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵਿਕਾਸ ਕਾਰਜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸਿਰਫ਼ ਕੇਂਦਰੀ ਸਕੀਮਾਂ ਦਾ ਪੈਸਾ ਖਰਚਕੇ ਲੋਕਾਂ ਨੂੰ ਮੂਰਖ਼ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠੇ ਵਿਕਾਸ ਦੇ ਕੱਚ ਸੱਚ ਦਾ ਦਿੱਲੀ ਵਿੱਚ ਪਰਦਾਫ਼ਾਸ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਕੌਰ ਬੀਰਕਲਾਂ, ਇੰਸਪੈਕਟਰ ਬਲਕਾਰ ਸਿੰਘ ਚੌਹਾਨ, ਬਲਵਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।