ਬਿਨਾਂ ਕਿਸੇ ਡਰ, ਭੈਅ, ਲਾਲਚ ਤੇ ਪ੍ਰਭਾਵ ਤੋਂ ਵੋਟ ਪਾਉਣ ਦੀ ਚੁਕਾਈ ਗਈ ਸਹੁੰ
ਪਹਿਲੀ ਵਾਰ ਵੋਟ ਬਣਵਾਉਣ ਵਾਲੇ 18-19 ਸਾਲ ਦੇ ਨੌਜਵਾਨਾਂ ਨੂੰ ਵੰਡੇ ਵੋਟਰ ਸ਼ਨਾਖਤੀ ਕਾਰਡ
ਸਕੂਲੀ ਵਿਦਿਆਰਥੀਆਂ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਗਿਆ ਸਨਮਾਨਤ
ਫ਼ਤਹਿਗੜ੍ਹ ਸਾਹਿਬ : ਵੋਟ ਬਣਵਾਉਣਾ ਤੇ ਉਸ ਦਾ ਸਹੀ ਇਸਤੇਮਾਲ ਕਰਨ ਸਾਡਾ ਸੰਵਿਧਾਨਕ ਹੱਕ ਹੈ ਅਤੇ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ। ਨੌਜਵਾਨ ਪੀੜ੍ਹੀ ਜੋ ਕਿ ਸਾਡੇ ਦੇਸ਼ ਦਾ ਭਵਿੱਖ ਹੈ ਉਨ੍ਹਾਂ ਨੂੰ ਆਪਣੇ ਸੰਵਿਧਾਨਕ ਹੱਕ ਵੋਟ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਲੋਕਤੰਤਰ ਹੋਰ ਮਜਬੂਤ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ: ਸੋਨਾ ਥਿੰਦ ਨੇ 15ਵੇਂ ਨੈਸ਼ਨਲ ਵੋਟਰ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਡਾ: ਸੋਨਾ ਥਿੰਦ ਨੇ ਕਿਹਾ ਕਿ ਵੋਟ ਜਿਥੇ ਸਾਡਾ ਸੰਵਿਧਾਨਕ ਹੱਕ ਹੈ ਉਥੇ ਹੀ ਸਮਾਜ ਪ੍ਰਤੀ ਸਾਡੀ ਜਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਜੋ ਕਿ ਸਾਡੇ ਦੇਸ਼ ਦਾ ਭਵਿੱਖ ਹਨ ਨੂੰ ਆਪਣੀ ਵੋਟ ਬਣਵਾ ਕੇ ਉਸ ਦਾ ਸਹੀ ਇਸਤੇਮਾਲ ਕਰਕੇ ਆਪਣੀ ਸਮਾਜਿਕ ਜਿੰਮੇਵਾਰੀ ਨੂੰ ਜਰੂਰ ਨਿਭਾਉਣਾ ਚਾਹੀਦਾ ਹੈ ਤਾਂ ਜੋ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਜਬੂਤ ਲੋਕਤੰਤਰ ਪ੍ਰਣਾਲੀ ਸੌਂਪੀ ਜਾ ਸਕੇ।
ਜ਼ਿਲ੍ਹਾ ਪੱਧਰੀ ਨੈਸ਼ਨਲ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਵੋਟਰਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਲਾਲਚ ਦੇ ਪ੍ਰਭਾਵ ਤੋਂ ਆਪਣੀ ਵੋਟ ਦੇ ਇਸਤੇਮਾਲ ਦੀ ਵਰਤੋਂ ਕਰਨ ਦਾ ਪ੍ਰਣ ਵੀ ਦਿਵਾਇਆ। ਇਸ ਮੌਕੇ 18-19 ਸਾਲ ਦੇ ਨੌਜਵਾਨਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਾਉਣ ਲਈ, ਬੀ.ਐਲ.ਓ. ਮਨਜੀਤ ਸਿੰਘ ਹਲਕਾ ਬਸੀ ਪਠਾਣ, ਪੰਜਾਬ ਸਟੇਟ ਇਲੈਕਸ਼ਨ ਕੁਇਜ-2025 ਵਿੱਚ ਜ਼ਿਲ੍ਹੇ ਵਿੱਚ ਅਵੱਲ ਆਉਣ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੀ ਵਿਦਿਆਰਥਣ ਹਰਸਿਮਰਨਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੀ ਭਾਸ਼ਣ ਤੇ ਡੀਬੇਟ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਹਰਸ਼ਪ੍ਰੀਤ ਕੌਰ, ਭਾਸ਼ਣ ਮੁਕਾਬਲੇ ਵਿੱਚ ਦੂਜ਼ੇ ਸਥਾਨ ਤੇ ਰਹਿਣ ਵਾਲੀ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ, ਭਾਸ਼ਣ ਮੁਕਾਬਲੇ ਵਿੱਚ ਤੀਜੇ ਸਥਾਨ ਤੇ ਰਹਿਣ ਵਾਲੀ ਸਰਕਾਰੀ ਹਾਈ ਸਕੂਲ ਸਰਹਿੰਦ ਮੰਡੀ ਦੀ ਵਿਦਿਆਰਥਣ ਨਮਰਾ ਪ੍ਰਵੀਨ, ਪੇਟਿੰਗ ਮੁਕਾਬਲੇ ਦੀ ਜੇਤੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ ਦੀ ਵਿਦਿਆਰਥਣ ਯਾਸ਼ਿਕਾ, ਪੇਟਿੰਗ ਮੁਕਾਬਲੇ ਵਿੱਚ ਦੂਜੇ ਸਥਾਨ ਤੇ ਰਹਿਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ ਦੀ ਵਿਦਿਆਰਥਣ ਸਿਮਰਨ ਕੌਰ ਅਤੇ ਤੀਜੇ ਸਥਾਨ ਤੇ ਰਹਿਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੀ ਵਿਦਿਆਰਥਣ ਦਲਬੀਰ ਕੌਰ, ਡੀਬੇਟ ਮੁਕਾਬਲੇ ਦੇ ਜੇਤੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਹਾਰ ਮਾਜਰਾ ਦਾ ਵਿਦਿਆਰਥੀ ਗੁਰਲਿਵ ਸਿੰਘ ਅਤੇ ਵੋਟ ਦੀ ਮਹੱਤਤਾ ਬਾਰੇ ਗੀਤ ਗਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦਾ ਵਿਦਿਆਰਥੀ ਯੁਵਰਾਜ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਜ਼ਿਲ੍ਹਾ ਚੋਣ ਅਫਸਰ ਨੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਚੋਣ ਤਹਿਸੀਲਦਾਰ ਨਿਰਮਲਾ ਰਾਣੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲੀ ਵਿਦਿਆਰਥੀ ਹਾਜਰ ਸਨ।