ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਚੱਠਾ ਸੇਖਵਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਅਨੁਸਾਰ ਪਿੰਡ ਚੱਠਾ ਸੇਖਵਾਂ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਬਹੁਤ ਹੀ ਸਧਾਰਨ ਪਰਿਵਾਰ ਦਾ ਨੌਜਵਾਨ ਪਵਨਦੀਪ ਸਿੰਘ ਪੁੱਤਰ ਹਮੀਰ ਸਿੰਘ ਡੇਢ ਕੁ ਸਾਲ ਪਹਿਲਾਂ ਹੀ ਸਾਕ ਸਬੰਧੀਆਂ ਦੀ ਮੱਦਦ ਨਾਲ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ ਜੋ ਕਿ ਕੈਨੇਡਾ ਦੇ ਸ਼ਹਿਰ ਸਰੀ ਵਿਚ ਰਹਿ ਰਿਹਾ ਸੀ ਪਰ ਅਚਾਨਕ ਪਵਨਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਪਵਨਦੀਪ ਸਿੰਘ ਦੀ ਹੋਈ ਮੌਤ ਨਾਲ ਵਿਧਵਾ ਮਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਉੱਥੇ ਹੀ ਪਿੰਡ ਚੱਠਾ ਸੇਖਵਾਂ 'ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਵਸਨੀਕਾਂ ਨੇ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਤੋਂ ਮ੍ਰਿਤਕ ਨੌਜਵਾਨ ਪਵਨਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਦੀ ਮੰਗ ਕੀਤੀ ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਵੇਖਕੇ ਅੰਤਿਮ ਰਸਮਾਂ ਪੂਰੀਆਂ ਕਰ ਸਕੇ।