ਸੁਨਾਮ : 76ਵੇਂ ਗਣਤੰਤਰ ਦਿਵਸ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਦੇ ਮੈਂਬਰਾਂ ਨੇ ਪ੍ਰਧਾਨ ਕਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੂੰ ਸਿਜਦਾ ਕੀਤਾ। ਕਲੱਬ ਮੈਂਬਰਾਂ ਨੇ ਸ਼ਹੀਦ ਦੇ ਬੁੱਤ ਤੇ ਹਾਰ ਪਹਿਨਾਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਇਕੱਤਰ ਹੋਏ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਕਰਨੈਲ ਸਿੰਘ ਢੋਟ, ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਗੁਰਦਿਆਲ ਸਿੰਘ, ਜਸਪਾਲ ਸਿੰਘ ਪਾਲਾ, ਅਵਤਾਰ ਸਿੰਘ ਤਾਰੀ, ਦੇਵਿੰਦਰ ਸਿੰਘ ਚੰਦੀ, ਅਮਰਜੀਤ ਸਿੰਘ ਠੇਕੇਦਾਰ, ਮਲਕੀਤ ਸਿੰਘ, ਰਾਮ ਸਿੰਘ, ਸ਼ਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਕੈਫ਼ੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਲੇਕਿਨ ਸਮੇਂ ਦੇ ਹਾਕਮਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਬਣਦਾ ਸਨਮਾਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦੂਜੇ ਸ਼ਹੀਦਾਂ ਤੋਂ ਘੱਟ ਨਹੀਂ ਹੈ। ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਸਰਕਾਰਾਂ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਦੀਵੀ ਰੱਖਣ ਲਈ ਵੱਡੇ ਪੱਧਰ ਤੇ ਯਾਦਗਾਰਾਂ ਸਥਾਪਿਤ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦ ਊਧਮ ਸਿੰਘ ਦੇ ਜੀਵਨ ਫਲਸਫ਼ੇ ਤੋਂ ਸੇਧ ਲੈਕੇ ਦੇਸ਼ ਭਗਤੀ ਦੀ ਭਾਵਨਾ ਨਾਲ ਜੁੜੇ।