Tuesday, April 15, 2025

Malwa

ਸੜ੍ਹਕ ਸੁਰੱਖਿਆ ਮਾਂਹ ਸਬੰਧੀ ਟਰੱਕ ਯੂਨੀਅਨ ਚੁੰਨੀ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ, ਟਰੱਕਾਂ ਤੇ ਲਗਾਏ ਰਿਫਲੈਕਟਰ

January 29, 2025 03:35 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਚੁੰਨੀ ਕਲਾਂ ਵਿਖੇ ਸੜ੍ਹਕ ਸੁਰੱਖਿਆ ਕੈਂਪ ਲਗਾਇਆ ਗਿਆ ਅਤੇ ਟਰੱਕਾਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਆਵਾਜਾਈ ਤੇ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਮੰਤਵ ਨਾਲ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜ੍ਹਕੀ ਹਾਦਸਿਆਂ ਦੇ ਪੀੜ੍ਹਤ ਵਿਅਕਤੀਆਂ ਨੂੰ ਤੁਰੰਤ ਹਸਪਤਾਲਾਂ ਅੰਦਰ ਪਹੁੰਚਾਉਣ ਦੇ ਮੰਤਵ ਨਾਲ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ ਜੋ ਕਿ ਦੁਰਘਟਨਾਵਾਂ ਵਿੱਚ ਜਖ਼ਮੀ ਵਿਅਕਤੀਆਂ ਨੂੰ ਹਸਪਤਾਲਾਂ ਤੱਕ ਲੈ ਕੇ ਜਾਣ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੁਰਘਟਨਾਵਾਂ ਵਿੱਚ ਜਖ਼ਮੀ ਹੋਏ ਲੋਕਾਂ ਦੀ ਸਹਾਇਤਾ ਲਈ ਫਰਿਸ਼ਤੇ ਸਕੀਮ ਵੀ ਲਾਂਚ ਕੀਤੀ ਗਈ ਹੈ ਜਿਸ ਤਹਿਤ ਜਖ਼ਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਵਾਲੇ ਵਿਅਕਤੀਆਂ ਨੂੰ ਫਰਿਸ਼ਤੇ ਵਜੋਂ ਸਨਮਾਨਤ ਕੀਤਾ ਜਾਂਦਾ ਹੈ।

          ਸ਼੍ਰੀ ਪ੍ਰਦੀਪ ਸਿੰਘ ਨੇ ਕਿਹਾ ਕਿ ਸੜ੍ਹਕ ਦੁਰਘਟਨਾਵਾਂ ਰੋਕਣ ਲਈ ਜਰੂਰੀ ਹੈ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਵਾਹਨ ਚਲਾਉਂਦੇ ਸਮੇਂ ਕਿਸੇ ਕਿਸਮ ਦੇ ਨਸ਼ੇ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਤੇ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਜਰੂਰ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਛੋਟੀਆਂ-ਛੋਟੀਆਂ ਸਾਵਧਾਨੀਆਂ ਅਪਣਾ ਕੇ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। 

Have something to say? Post your comment