ਸੁਨਾਮ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਜ਼ਮੀਨ ਬਚਾਓ ਸੰਘਰਸ਼ ਨੂੰ ਤਿੱਖਾ ਕਰਨ ਦੇ ਸੰਕੇਤ ਦਿੱਤੇ ਹਨ। ਜਥੇਬੰਦੀ ਦਾ ਤਰਕ ਹੈ ਕਿ ਦਹਾਕਿਆਂ ਤੋਂ ਜਮੀਨਾਂ ਤੇ ਕਿਸਾਨ ਕਾਸ਼ਤ ਕਰ ਰਹੇ ਹਨ ਹੁਣ ਸਰਕਾਰ ਕਿਸਾਨਾਂ ਨੂੰ ਬੇਜ਼ਮੀਨੇ ਬਣਾਉਣ ਦੇ ਰਾਹ ਤੁਰੀ ਹੋਈ ਹੈ। ਬੁੱਧਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਮਨਜੀਤ ਕੌਰ ਤੋਲਾਵਾਲ ਅਤੇ ਮਨੀ ਸਿੰਘ ਭੈਣੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਮੀਨ ਬਚਾਓ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ, 717 ਏਕੜ ਜ਼ਮੀਨ ਨੂੰ ਲੈਕੇ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਵਿੱਚ ਪੱਕਾ ਮੋਰਚਾ ਲੱਗਿਆ ਹੋਇਆ ਦੂਜਾ ਮੋਰਚਾ ਭਾਰਤ ਮਾਲਾ ਸੜਕ ਨੂੰ ਲੈਕੇ ਝਨੇੜੀ ਪਿੰਡ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਧੱਕੇ ਨਾਲ ਜ਼ਮੀਨਾਂ ਤੇ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ ਇਸ ਪਿੱਛੇ ਜਥੇਬੰਦੀ ਹਰ ਕੁਰਬਾਨੀ ਲਈ ਤਿਆਰ ਹੈ ਇਹਨਾਂ ਦੋਨਾਂ ਮੋਰਚਿਆਂ ਨੂੰ ਲੈਕੇ ਮਿਤੀ 13 ਫ਼ਰਵਰੀ ਨੂੰ ਜਿਉਂਦ ਵਿਚ ਜ਼ਮੀਨ ਬਚਾਓ ਰੈਲੀ ਕੀਤੀ ਜਾ ਰਹੀ ਹੈ। ਰੈਲੀ ਦੀ ਸਫਲਤਾ ਲਈ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ।