ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ਵਿੱਚ ਬੀਤੀ 15 ਸਤੰਬਰ, 2023 ਨੂੰ ਕੀਤੀ ਗਈ ਸਰਕਾਰ ਸਨਅਤਕਾਰ ਮਿਲਣੀ ਤੋਂ ਬਾਅਦ ਸਨਅਤਕਾਰਾਂ ਨੂੰ ਸਮੇਂ-ਸਮੇਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਸਮੀਖਿਆ ਮੀਟਿੰਗ ਤਹਿਤ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪਹਿਲਾਂ ਤੋਂ ਲੱਗੀਆਂ ਉਦਯੋਗਿਕ ਇਕਾਈਆਂ ਅਤੇ ਨਵੀਆਂ ਉਦਯੋਗਿਕ ਇਕਾਈਆਂ ਨਾਲ ਸਬੰਧਤ ਸਨਅਤਕਾਰਾਂ ਨੂੰ ਵੱਖ-ਵੱਖ ਵਿਭਾਗਾਂ ਤੋਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ।
ਮੀਟਿੰਗ ਦੌਰਾਨ ਚਨਾਲੋਂ ਫੋਕਲ ਪੁਆਇੰਟ ਤੋਂ ਸੋਧੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਲਈ ਨੈਸ਼ਨਲ ਹਾਈਵੇਅ ਚੋਂ ਕ੍ਰਾਸਿੰਗ ਲਈ ਲੋਕ ਨਿਰਮਾਣ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨਾਲ ਤਾਲਮੇਲ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਇੰਡਸਟਰੀਅਲ ਏਰੀਆ ਵਿੱਚ ਵਧਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਤੁਰੰਤ ਲੋੜੀਂਦੀ ਕਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਜੀ ਐਸ ਟੀ ਅਸੈਸਮੈਂਟ ਚ ਆ ਰਹੀ ਮੁਸ਼ਕਿਲ ਤੇ ਸਹਾਇਕ ਕਮਿਸ਼ਨਰ (ਸਟੇਟ ਕਰ) ਨੇ ਦੱਸਿਆ ਕਿ ਇਸ ਸਬੰਧੀ ਰੇਸ਼ਨਾਲਾਈਜ਼ੇਸ਼ਨ ਪਾਲਿਸੀ ਜਲਦ ਲਾਗੂ ਹੋ ਰਹੀ ਹੈ। ਇਸ ਤੋਂ ਇਲਾਵਾ ਨਿਰਵਿਘਨ ਬਿਜਲੀ ਸਪਲਾਈ ਬਾਰੇ ਵੀ ਮੰਗ ਰੱਖੀ ਗਈ, ਜਿਸ ਤੇ ਡਿਪਟੀ ਕਮਿਸ਼ਨਰ ਨੇ ਜਲਦ ਕਰਵਾਈ ਦਾ ਭਰੋਸਾ ਦਿੱਤਾ।
ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ(ਦਿਹਾਤੀ ਵਿਕਾਸ) ਐਸ.ਏ.ਐਸ.ਨਗਰ ਵੱਲੋਂ ਮੀਟਿੰਗ ਦੌਰਾਨ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧਤ ਵਿਭਾਗਾਂ ਨੂੰ ਕਰਵਾਈ ਦੇ ਆਦੇਸ਼ ਦੇਣ ਲਈ ਡਿਪਟੀ ਕਮਿਸ਼ਨਰ ਅੱਗੇ ਪੇਸ਼ ਕੀਤੀਆਂ ਗਈਆਂ, ਜਿਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਵਿੱਚ ਸ਼ਾਮਿਲ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜਿਹੜੀਆਂ ਮੁਸ਼ਕਿਲਾਂ ਰਾਜ ਸਰਕਾਰ ਦੇ ਪੱਧਰ ਤੇ ਹੱਲ ਹੋਣ ਵਾਲੀਆਂ ਹਨ, ਉਨ੍ਹਾਂ ਸਬੰਧੀ ਸਬੰਧਤ ਵਿਭਾਗਾਂ ਮੁਖੀ ਡਿਪਟੀ ਕਮਿਸ਼ਨਰ ਦਫ਼ਤਰ ਪਾਸੋਂ ਲੋੜੀਂਦੇ ਬੇਨਤੀ ਪੱਤਰ ਉਨ੍ਹਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਲਿਖਵਾਏ ਜਾਣ।
ਇਸ ਮੀਟਿੰਗ ਵਿੱਚ ਅਰਸ਼ਜੀਤ ਸਿੰਘ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਸਨਅਤਕਾਰਾਂ ਨੂੰ ਆ ਰਹੀਆ ਮੁਸ਼ਕਿਲਾਂ ਦਾ ਹੱਲ ਕਰਵਾਉਣ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਤੈਅ ਸਮੇਂ ਵਿੱਚ ਰੀਵਿਊ ਰਿਪੋਰਟ ਦਾ ਵੇਰਵਾ ਪੇਸ਼ ਕਰਨ ਦਾ ਵਿਸ਼ਵਾਸ਼ ਦਿਵਾਇਆ ਗਿਆ।