ਬਸੀ ਪਠਾਣਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸੜ੍ਹਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਡੀ ਪੱਧਰ ਤੇ ਸੜ੍ਹਕਾਂ ਦੇ ਕੰਮ ਕਰਵਾਏ ਜਾ ਰਹੇ ਹਨ ਸਰਕਾਰ ਵੱਲੋਂ ਬਸੀ ਪਠਾਣਾ ਹਲਕੇ ਦੀਆਂ ਸੜ੍ਹਕਾਂ ਦੀ ਮੁਰੰਮਤ ਲਈ 95 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਹਲਕੇ ਦੀਆਂ ਸੜ੍ਹਕਾਂ ਦੀ ਮੁਰੰਮਤ ਅਤੇ ਨਵੀਂਆਂ ਸੜਕਾਂ ਬਣਾਉਣ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਵਰਕ ਆਰਡਰ ਪ੍ਰਗਤੀ ਅਧੀਨ ਹੈ। ਵਰਕ ਆਰਡਰ ਜਾਰੀ ਹੁੰਦਿਆਂ ਹੀ ਕੰਮ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਦਿੱਤੀ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਨਾਮਦੇਵ ਰੋਡ ਪਹਿਲਾਂ ਲੋਕ ਨਿਰਮਾਣ ਵਿਭਾਗ ਕੋਲ ਸੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਹੁਣ ਇਹ ਸੜ੍ਹਕ ਨਗਰ ਕੌਂਸਲ ਨੂੰ ਸੌਂਪੀ ਗਈ ਹੈ। ਇਸ ਸੜਕ ਦੀ ਮੁਰੰਮਤ ਲਈ ਆਨ ਲਾਇਨ ਐਸਟੀਮੇਟ ਤਿਆਰ ਹੋ ਚੁੱਕਾ ਹੈ ਤੇ ਇਸ ਸੜ੍ਹਕ ਲਈ ਤਕਨੀਕੀ ਪ੍ਰਵਾਨਗੀ ਵੀ ਹੋ ਚੁੱਕੀ ਹੈ। ਨਗਰ ਕੌਂਸਲ ਦੇ ਹਾਊਸ ਦੀ ਮੀਟਿੰਗ ਵਿੱਚ ਸੜ੍ਹਕ ਸਬੰਧੀ ਪ੍ਰਬੰਧਕੀ ਪ੍ਰਵਾਨਗੀ ਹੋਣ ਉਪਰੰਤ ਟੈਂਡਰ ਜਾਰੀ ਕਰਕੇ ਸੜ੍ਹਕ ਦਾ ਕੰਮ ਛੇਤੀ ਹੀ ਸ਼ੁਰੂ ਕਰਵਾਇਆ ਜਾਵੇਗਾ।
ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਬਸੀ ਪਠਾਣਾ ਵਿੱਚ ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚੋਂ ਗਿੱਲ੍ਹਾ ਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਨਗਰ ਕੌਂਸਲ ਦੇ ਵਾਹਨਾਂ ਰਾਹੀਂ ਡੋਰ-ਟੂ-ਡੋਰ ਕੁਲੈਕਸ਼ਨ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਆਪਣੇ ਘਰਾਂ ਦਾ ਗਿੱਲ੍ਹਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਕੌਂਸਲ ਦੇ ਸਫਾਈ ਕਰਮਚਾਰੀਆਂ ਨੂੰ ਦਿੱਤਾ ਜਾਵੇ ਅਤੇ ਘਰਾਂ ਦਾ ਕੂੜਾ ਸੜ੍ਹਕਾਂ ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸੜ੍ਹਕਾਂ ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਾਲਿਡ ਵੇਸਟ ਮੈਨੇਜਮੈਂਟ ਦੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵੱਲੋਂ ਬਸੀ ਪਠਾਣਾ ਦੀ ਸਾਫ ਸਫਾਈ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਇਆ ਜਾ ਸਕੇ।