ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜ਼ਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਬੁੱਧਵਾਰ ਨੂੰ ਮਹਿਲਾਂ ਚੌਕ ਵਿਖੇ ਬਜ਼ਟ 2025-26 ਦੀਆਂ ਕਾਪੀਆਂ ਫੂਕੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਮਨਜੀਤ ਸਿੰਘ ਘਰਾਚੋਂ, ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ ਅਤੇ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ 2025-26 ਦੇ ਬਜ਼ਟ ਵਿੱਚ ਅਮੀਰ ਪੱਖੀ ਨੀਤੀਆਂ ਨੂੰ ਤਰਜੀਹ ਦਿੱਤੀ ਗਈ ਹੈ ਜਦਕਿ ਕਿਸਾਨਾਂ ਦੇ ਹੱਕ ਵਿੱਚ ਕਰਜ਼ੇ ਤੋਂ ਸਿਵਾਏ ਕੋਈ ਮਦ ਸ਼ਾਮਿਲ ਨਹੀਂ ਕੀਤੀ ਗਈ। ਕਿਸਾਨਾਂ ਅਤੇ ਮਜਦੂਰਾਂ ਦੇ ਪੱਲੇ ਸਿਰਫ਼ ਨਿਰਾਸ਼ਾ ਪਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਮੇਤ ਪੂਰੇ ਭਾਰਤ ਦਾ ਕਿਸਾਨ ਅਤੇ ਮਜ਼ਦੂਰ ਕਰਜ਼ੇ ਦੀ ਮਾਰ ਹੇਠ ਦਬਿਆ ਹੋਇਆ ਹੈ ਇਸ ਕਰਜ਼ੇ ਦੇ ਬੋਝ ਨੂੰ ਨਾ ਝੱਲਦੇ ਹੋਏ ਕਿਸਾਨ ਅਤੇ ਮਜ਼ਦੂਰ ਖ਼ੁਦਕੁਸ਼ੀਆਂ ਕਰਨ ਦੇ ਰਾਹ ਪਿਆ ਹੋਇਆ ਹੈ। ਜਿਣਸਾਂ ਤੇ ਐਮ ਐਸ ਪੀ ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮਾਫ਼ੀ ਨੂੰ ਲੈਕੇ ਪੰਜਾਬ ਅਤੇ ਭਾਰਤ ਦੀਆਂ ਸੰਘਰਸ਼ੀਲ ਜਥੇਬੰਦੀਆਂ ਮੰਗ ਕਰਦੀਆਂ ਆ ਰਹੀਆਂ ਹਨ ਕਿ ਦੇਸ਼ ਨੂੰ ਡਬਲਿਊ ਟੀ ਓ ਤੋਂ ਬਾਹਰ ਕੱਢਕੇ ਕਿਸਾਨਾਂ ਅਤੇ ਮਜ਼ਦੂਰਾਂ ਪੱਖੀ ਨੀਤੀਆਂ ਬਣਾਈਆਂ ਜਾਣ, ਉਨ੍ਹਾਂ ਆਖਿਆ ਕਿ ਜਦੋਂ ਤੱਕ ਸਰਕਾਰਾਂ ਵੱਡੇ ਘਰਾਣਿਆਂ ਦੀ ਚਾਕਰੀ ਕਰਨਗੀਆਂ ਓਦੋਂ ਤੱਕ ਕਿਸਾਨਾਂ ਮਜ਼ਦੂਰਾਂ ਪੱਖੀ ਨੀਤੀਆਂ ਨਹੀਂ ਬਨਣਗੀਆਂ।