ਐਸ.ਏ.ਐਸ.ਨਗਰ : ਪੰਜਾਬ ਦਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ 1 ਅਤੇ 2 ਮਾਰਚ, 2025 ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਕਰੋਰਾਂ ਵਿਖੇ ਫੋਰੈਸਟ ਹਿੱਲਜ਼ ਵਿਖੇ ਸੂਬੇ ਦਾ ਪਹਿਲਾ ਘੋੜਸਵਾਰ ਉਤਸਵ ਆਯੋਜਿਤ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਆਗਾਮੀ ਦਿਨਾਂ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਦੱਸਿਆ ਕਿ ਘੋੜ ਸਵਾਰੀ ਮੁਕਾਬਲੇ ਵੀ ਇਸ ਸਮਾਗਮ ਦਾ ਹਿੱਸਾ ਹੋਣਗੇ। ਉਤਸਵ ਦੌਰਾਨ ਰਾਜ ਅਤੇ ਦੇਸ਼ ਭਰ ਦੇ ਨਾਮੀ ਸਟੱਡ ਫਾਰਮਾਂ ਅਤੇ ਕਲੱਬਾਂ ਦੇ ਘੋੜੇ ਵੀ ਭਾਗ ਲੈਣਗੇ। ਮੀਟਿੰਗ ਦੌਰਾਨ ਸੀਨੀਅਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਅੱਠ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ ਸਮਾਗਮ ਲਈ ਲੋੜੀਂਦੇ ਕਾਰਜ ਸੌਂਪੇ ਗਏ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਮੁੱਖ ਮੰਤਰੀ ਫੀਲਡ ਅਫ਼ਸਰ ਦੀਪਾਂਕਰ ਗਰਗ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।