ਬਸੀ ਪਠਾਣਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਪਿੰਡਾਂ ਅਤੇ ਸ਼ਹਿਰਾਂ ਦੀ ਸਾਫ ਸਫਾਈ ਲਈ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਨਗਰ ਕੌਂਸਲ ਬਸੀ ਪਠਾਣਾ ਦੇ ਸਫਾਈ ਸੇਵਕਾਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਹੋਰ ਮਜਬੂਤ ਕਰਨ ਲਈ 15 ਰੇਹੜੀਆਂ ਤੇ 02 ਟਰਾਲੀਆਂ ਸੌਂਪਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਸੀ ਪਠਾਣਾ ਸ਼ਹਿਰ ਦੀ ਸਾਫ ਸਫਾਈ ਲਈ ਨਗਰ ਕੌਂਸਲ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਇਆ ਜਾ ਸਕੇ।
ਵਿਧਾਇਕ ਹੈਪੀ ਨੇ ਕਿਹਾ ਕਿ ਨਵੀਂਆਂ ਰੇਹੜੀਆਂ ਤੇ ਟਰਾਲੀਆਂ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਹੋਰ ਮਜਬੂਤ ਹੋਵੇਗੀ ਅਤੇ ਨਗਰ ਕੌਂਸਲ ਦੇ ਸਫਾਈ ਸੇਵਕ ਬਿਨਾਂ ਕਿਸੇ ਦਿੱਕਤ ਤੋਂ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਤੇ ਹੋਰ ਸਥਾਨਾਂ ਤੋਂ ਕੂੜਾ ਇਕੱਤਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਫਾਈ ਸੇਵਕਾਂ ਨੂੰ ਸਮੇਂ-ਸਮੇਂ ਤੇ ਸਫਾਈ ਕਿੱਟਾਂ ਤੇ ਹੋਰ ਲੋੜੀਂਦਾ ਸਾਜੋ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਸਫਾਈ ਕਰਮਚਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ. ਰੁਪਿੰਦਰ ਸਿੰਘ ਹੈਪੀ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵੱਲੋਂ ਸਾਫ ਸਫਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਵੱਛਤਾ ਸਾਡੇ ਸਭਨਾ ਲਈ ਬਹੁਤ ਜਰੂਰੀ ਹੈ ਅਤੇ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਵਿੱਚ ਅਣ-ਗਹਿਲੀ ਨਾ ਵਿਖਾਈ ਜਾਵੇ।
ਇਸ ਮੌਕੇ ਰਾਜ ਪੁਰੀ, ਰਸ਼ਵਿੰਦਰ ਕਲੌਂਦੀ, ਕਸ਼ਮੀਰ ਰਸੂਲਪੁਰ ਧਰਮਿੰਦਰ ਸਿੰਘ ਪਨੇਚਾ, ਮਨਮੋਹਨ ਸਿੰਘ ਨੰਬਰਦਾਰ, ਇੰਦਰਜੀਤ ਇੰਦਰੀ, ਜਸਵਿੰਦਰ ਸਿੰਘ, ਸਿਮਰਨਜੀਤ ਸਿੰਘ, ਰਣਧੀਰ ਸਿੰਘ ਤੇ ਮਨਜੀਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।