ਸੁਨਾਮ : ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸ ਪਿੱਛੇ ਸੌੜੀ ਸਿਆਸਤ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਸਾਹਿਬ ਨੂੰ ਅਹੁਦੇ ਤੋਂ ਹਟਾਉਣ ਲਈ ਬਹੁਤ ਹੀ ਮਾੜਾ ਰਵਈਆ ਅਤੇ ਗਲਤ ਰਸਤਾ ਚੁਣਿਆ ਹੈ। ਦਰਅਸਲ ਬਾਦਲ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਆਪਣੀ ਦੁਸ਼ਮਣੀ ਹੀ ਕੱਢੀ ਹੈ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੰਗਲਵਾਰ ਨੂੰ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਜਥੇਦਾਰ ਸਾਹਿਬ ਨੂੰ ਹਟਾਉਣ ਦਾ ਅਧਿਕਾਰ ਨਹੀਂ ਹੈ ਜਿਸ ਦਾ ਪ੍ਰਗਟਾਵਾ ਇੱਕ ਬਿਆਨ ਰਾਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਰ ਚੁੱਕੇ ਹਨ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਬੀਤੇ ਦਿਨੀਂ ਕੀਤੇ ਗੁਨਾਹਾਂ ਨੂੰ ਜਨਤਕ ਤੌਰ ਤੇ ਮੰਨਿਆ ਪਰ ਉਸਨੇ ਪਿਛਲੀਆਂ ਗਲਤੀਆਂ ਸੁਧਾਰਨ ਦੀ ਬਜਾਏ ਹੋਰ ਗਲਤੀਆਂ ਕਰਨ ਤੇ ਜ਼ੋਰ ਦਿੱਤਾ ਹੋਇਆ ਹੈ। ਇਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣ ਤੋਂ ਵੀ ਇਨਕਾਰ ਕਰ ਦਿੱਤਾ। ਉਹਨਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਸਾਥੀ ਹੰਕਾਰ ਨਾਲ ਭਰੇ ਹੋਏ, ਸੱਤਾ ਦੇ ਭੁੱਖੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦਾ ਵੱਧ ਤੋਂ ਵੱਧ ਵਿਰੋਧ ਕਰਨਾ ਚਾਹੀਦਾ ਹੈ ਤਾਂ ਜੋ ਪੰਥ ਦੇ ਵਡੇਰੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।