ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਚਨਬੱਧਤਾ ਨਾਲ ਕਾਰਜ ਕਰ ਰਿਹਾ ਹੈ ਅਤੇ ਦੇਸ਼ ਦੇ ਅੰਨਦਾਤਾ ਦੀ ਲੁੱਟ ਖਸੁੱਟ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੱਕੀ ਦਾ ਬੀਜ ਵੱਧ ਕੀਮਤ ਤੇ ਵੇਚਣ ਸਬੰਧੀ ਵਿਭਾਗ ਵੱਲੋਂ ਅਮਲੋਹ ਵਿਖੇ ਬੀਜ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਸੀ ਪ੍ਰੰਤੂ ਕਿਸੇ ਵੀ ਦੁਕਾਨ ਬਾਰੇ ਅਮਲੋਹ ਦੇ ਕਿਸਾਨਾਂ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਹੋਈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇਗੀ ਅਤੇ ਐਮ.ਆਰ.ਪੀ. ਤੋਂ ਵੱਧ ਭਾਅ ਤੇ ਬੀਜ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਵਿੱਚ 80 ਫੀਸਦੀ ਤੱਕ ਦਾ ਯੋਗਦਾਨ ਦਿੱਤਾ ਜਾਂਦਾ ਹੈ ਤੇ ਕਿਸਾਨ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਮੀਂਹ, ਹਨੇਰੀ ਝੱਖੜ ਆਦਿ ਦੀ ਪ੍ਰਵਾਹ ਕੀਤੇ ਬਿਨਾਂ ਅਨਾਜ ਦੀ ਪੈਦਾਵਾਰ ਕਰਦਾ ਹੈ। ਪੰਜਾਬ ਸਰਕਾਰ ਕਿਸਾਨਾਂ ਦੀ ਸੁਰੱਖਿਆ ਤੇ ਸਹੂਲਤ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਜ਼ਾਰਾਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਐਮ.ਆਰ.ਪੀ. ਤੋਂ ਵੱਧ ਭਾਅ ਤੇ ਬੀਜ ਜਾਂ ਕੋਈ ਕੀਟਨਾਸ਼ਕ ਵੇਚਦਾ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ ਅਤੇ ਦੁਕਾਨਾਂ ਤੋਂ ਖਰੀਦੇ ਬੀਜ, ਖਾਦਾਂ ਤੇ ਕੀਟਨਾਸ਼ਕਾਂ ਦਾ ਬਿਲ ਜਰੂਰ ਲਿਆ ਜਾਵੇ ਤਾਂ ਜੋ ਲੋੜ ਪੈਣ ਤੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।