ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ, ਪ੍ਰਦਰਸ਼ਨ ਤੇ ਸਟੰਟ ਬਿਨਾਂ ਮਨਜੂਰੀ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਖਤ ਹੁਕਮ ਦਿੰਦਿਆਂ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਕੋਈ ਵੀ ਸੰਸਥਾ ਜਾਂ ਵਿਅਕਤੀ ਬਿਨਾਂ ਮਨਜੂਰੀ ਅਜਿਹੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਨਾ ਕਰੇ। ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਜਿੰਮੇਵਾਰ ਬਣਾਉਂਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਵਾਈ ਜਾਵੇ ਅਤੇ ਹੁਕਮਾਂ ਦੀ ਪਾਲਣਾ ਨਾ ਕਰਨ ਜਾਂ ਕਸੂਰਵਾਰ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਅੰਦਰ ਬੀਤੇ ਸਮੇਂ ਦੌਰਾਨ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ, ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਲਈ ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ 13 ਅਪ੍ਰੈਲ, 2025 ਤੱਕ ਲਾਗੂ ਰਹਿਣਗੇ।