ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਠੇਕਾ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਸਰਕਾਰੀ ਵਿਭਾਗਾਂ ਵਿੱਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕੇਦਾਰਾਂ, ਕੰਪਨੀਆਂ ਸੋਸਾਇਟੀਆਂ, ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਸਬੰਧਿਤ ਪਿੱਤਰੀ ਵਿਭਾਗਾਂ ’ਚ ਰੈਗੂਲਰ ਕਰਨ ਦੀ ਮੰਗ ਕੀਤੀ ਹੈ। ਮੋਰਚੇ ਦੇ ਪਲੇਟਫਾਰਮ ਤੇ 11 ਮਾਰਚ ਨੂੰ ਖੰਨਾ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਸੂਬਾ ਪੱਧਰੀ ਰੋਸ਼ ਰੈਲੀ ਸਬੰਧੀ ਨੋਟਿਸ ਅਤੇ ‘ਮੰਗ-ਪੱਤਰ’ ਪੰਜਾਬ ਸਰਕਾਰ ਨੂੰ ਭੇਜਿਆ ਗਿਆ।
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ, ਜ਼ਿਲਾ ਆਗੂ ਮਦਨ ਸਿੰਘ, ਸੁਖਪਾਲ ਸਿੰਘ ਖੰਡੀ, ਸੰਦੀਪ ਸੰਧੂ, ਸੁਖਪਾਲ ਸ਼ਰਮਾ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰ, ਮੁਲਾਜਮ ਵਰਗ ਮਹਿੰਗਾਈ ਅਤੇ ਬੇਰੁਜਗਾਰੀ ਦੀ ਮਾਰ ਥੱਲੇ ਪਿਸ ਰਹੇ ਹਨ ਪਰ ਮੌਜੂਦਾ ਪੰਜਾਬ ਸਰਕਾਰ ਜਿਹੜੀ ਪਿਛਲੀਆਂ ਸਰਕਾਰਾਂ ਦਾ ਬਦਲ ਪੇਸ਼ ਕਰਨ ਦੇ ਦਾਅਵੇ ਕਰਦੀ ਸੀ ਇਸ ਸਰਕਾਰ ਨੇ ਬਦਲ ਤਾਂ ਪੇਸ਼ ਕੀ ਕਰਨਾ ਸੀ ਸਗੋਂ ਪਹਿਲੀਆਂ ਸਰਕਾਰਾਂ ਤੋਂ ਵੀ ਅਗਾਂਹ ਮਿਹਨਤਕਸ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਕਾਰਪੋਰੇਟ ਘਰਾਣਿਆਂ ਦੀ ਲੁੱਟ ਅਤੇ ਮੁਨਾਫੇ ਕਮਾਉਣ ਦੇ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਲੋਕਾਂ ਨਾਲ ਝੂਠ ਅਤੇ ਧੋਖੇ ਦੀ ਖੇਡ ਨੂੰ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਲਈ ਉਸਾਰੇ ਹੋਏ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟਰਾਂ ਦੇ ਹੱਥ ਵਿੱਚ ਸੌਂਪਕੇ ਅੰਨ੍ਹੀ ਲੁੱਟ ਕਰਵਾਉਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆ ਹਨ ਉਥੇ ਇਸਦੇ ਨਾਲ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਆਊਟਸੋਰਸ ਅਤੇ ਇਨਲਿਸਟਮੈਟ ਦੇ ਰੂਪ ਵਿੱਚ ਕੰਮ ਕਰਦੇ ਠੇਕਾ ਅਧਾਰਿਤ ਵਰਕਰ ਜੋਕਿ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕਰਨ ਜਦੋ ਤੱਕ ਇਸ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਠੇਕਾ ਮੁਲਾਜਮਾਂ ਦੇ ਪੱਕੇ ਰੁਜਗਾਰ, ਘੱਟੋ-ਘੱਟ ਉਜਰਤ ਦੇ ਕਾਨੂੰਨ ਅਨੁਸਾਰ ਗੁਜਾਰੇ ਯੋਗ ਤਨਖਾਹ, ਬਰਾਬਰ ਕੰਮ ਲਈ ਬਰਾਬਰ ਤਨਖਾਹ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵਿਰੁੱਧ ਅਤੇ ਹੋਰ ਭਖਦੀਆਂ ਅਹਿਮ ਮੰਗਾਂ ਦੀ ਪ੍ਰਾਪਤੀ ਲਈ ਜਦੋ-ਜਹਿਦ ਕਰਦੇ ਆ ਰਹੇ ਹਨ ਇਨ੍ਹਾਂ ਠੇਕਾ ਮੁਲਾਜਮਾਂ ਦੀਆਂ ‘ਮੰਗਾਂ-ਮਸਲਿਆਂ’ ਦਾ ਹੱਲ ਆਪਸੀ ਗੱਲਬਾਤ ਰਾਹੀਂ ਹੋਣ ਦੇ ਉਦੇਸ਼ ਨਾਲ ਪਿਛਲੇ 3 ਸਾਲਾਂ ਤੋਂ ਮੁੱਖ ਮੰਤਰੀ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਲਈ ਵਾਰ ਵਾਰ ਪੱਤਰ ਲਿੱਖ ਕੇ ਬੇਨਤੀ ਕਰ ਰਹੇ ਹਨ। ਜਿਸ ’ਤੇ ਭਾਵੇ ਕਿ ਮੁੱਖ ਮੰਤਰੀ ਪੰਜਾਬ ਵਲੋਂ ਹਰੇਕ ਵਾਰ ਲਿਖਤੀ ਰੂਪ ਵਿਚ ਮੀਟਿੰਗ ਕਰਨ ਲਈ ਸਮਾਂ ਤੈਅ ਕੀਤਾ ਗਿਆ ਪਰ ਐਨ ਮੌਕੇ ਤੇ ਆ ਕੇ ਮੁੱਕਰ ਜਾਂਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਵਲੋਂ ਠੇਕਾ ਮੁਲਾਜ਼ਮਾਂ ਦੀਆਂ ‘ਮੰਗਾਂ’ ਦੇ ਹੱਲ ਕਰਨ ਦੇ ਨਾਂਅ ਹੇਠ ਪੰਜਾਬ ਸਰਕਾਰ ਦੇ ਕੈਬਨਿਟ-ਸਬ-ਕਮੇਟੀ ਦਾ ਗਠਨ ਕੀਤਾ ਗਿਆ ਇਸ ਸਬ-ਕਮੇਟੀ ਨਾਲ ਵੀ ਮੋਰਚੇ ਨੂੰ ਵਾਰ-ਵਾਰ ਮੀਟਿੰਗਾਂ ਦਾ ਲਿਖਤੀ ਰੂਪ ਵਿਚ ਸਮਾਂ ਦੇ ਕੇ ਐਨ ਮੌਕੇ ’ਤੇ ਜ਼ਰੂਰੀ ਰੁਝੇਵਿਆਂ ਦੇ ਬਹਾਨੇ ਹੇਠ ਇਹ ਮੀਟਿੰਗਾਂ ਰੱਦ ਕਰਕੇ ਗੱਲਬਾਤ ਕਰਨ ਤੋਂ ਇਨਕਾਰ ਕਰਦੀ ਆ ਰਹੀ ਹੈ। ਇਸ ਮੌਕੇ ਪਰਦੀਪ ਚੀਮਾ,ਅਨੁਜ ਕੁਮਾਰ ਸੁਨਾਮ, ਪ੍ਰਦੀਪ ਸਿੰਘ ਛਾਹੜ, ਗੁਰਮੇਲ ਸਿੰਘ ਲੌਂਗੋਵਾਲ, ਦਰਸਨ ਸਿੰਘ ਮੰਡੇਰ, ਰਾਹੁਲ ਕੁਮਾਰ, ਕਰਮਜੀਤ ਸਿੰਘ, ਜਗਦੀਪ ਸਿੰਘ, ਧੰਨ ਸਿੰਘ, ਗੁਰਤੇਜ ਸਿੰਘ, ਸਤਨਾਮ ਸਿੰਘ, ਲਖਵੀਰ ਸਿੰਘ, ਮੰਗਲ ਸਿੰਘ, ਹਰਦੀਪ ਸਿੰਘ, ਰਾਜਪਾਲ ਆਦਿ ਹਾਜ਼ਰ ਸਨ।