ਐੱਸ.ਟੀ.ਪੀ. ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਐੱਸ.ਏ.ਐੱਸ.ਨਗਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਤੋਂ ਪਿਛਲੇ ਮਹੀਨੇ ਦੀ ਕਾਰਗੁਜਾਰੀ ਬਾਰੇ ਪ੍ਰਗਤੀ ਰਿਪੋਰਟ ਹਾਸਿਲ ਕੀਤੀ ਅਤੇ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਚਲ ਰਹੇ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਨਿਕਾਸੀ ਵੱਲ ਖ਼ਾਸ ਧਿਆਨ ਦੇਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਜ਼ੀਰਕਪੁਰ ਵਿਖੇ ਵੀ.ਆਈ.ਪੀ. ਰੋਡ 'ਤੇ ਪ੍ਰਾਈਵੇਟ ਕਾਲੋਨੀਆਂ ਵੱਲੋਂ ਆਪਣੇ ਸੀਵਰੇਜ ਦੇ ਪਾਣੀ ਨੂੰ ਮੋਟਰਾਂ ਲਗਾ ਕੇ ਵੀ.ਆਈ ਪੀ. ਰੋਡ 'ਤੇ ਸੀਵਰੇਜ ਵਿੱਚ ਪਾਇਆ ਜਾਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਾਲੋਨੀਆਂ ਵਿੱਚ ਮੁਨਾਦੀ ਕਰਾਕੇ ਜਾਂ ਕਾਲੋਨੀ ਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਨ੍ਹਾਂ ਵੱਲੋਂ ਸੀਵਰੇਜ ਵਿੱਚ ਪਾਣੀ ਪਾਉਣ ਦਾ ਕੰਮ ਰਾਤ 11.00 ਤੋਂ ਲੈ ਕੇ ਸਵੇਰੇ 6.00 ਵਜੇ ਤੱਕ ਕੀਤਾ ਜਾਵੇ, ਤਾਂ ਜੋ ਦਿਨ ਵੇਲੇ ਸੀਵਰੇਜ ਓਵਰ ਫਲੋਅ ਨਾ ਕਰੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਾਸੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਵਿਭਾਗ ਵਿੱਚ ਹਾਈਕੋਰਟ ਵੱਲੋਂ ਕਿਸੇ ਕੋਰਟ ਕੇਸ ’ਤੇ ਕੋਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਸਬੰਧਤ ਵਿਭਾਗ ਵੱਲੋਂ ਉਸ ਅਨੁਸਾਰ ਕਾਰਵਾਈ ਕੀਤੀ ਗਈ ਹੈ ਜਾਂ ਨਹੀਂ, ਸਬੰਧੀ ਉਚੇਚੇ ਤੌਰ ਤੇ ਧਿਆਨ ਦਿੱਤਾ ਜਾਵੇ। ਕੋਰਟ ਕੇਸਾਂ ਦੇ ਜਵਾਬ-ਦਾਅਵੇ ਸਮਾਂ ਰਹਿੰਦੇ ਫਾਇਲ ਕੀਤੇ ਜਾਣ।
ਏ.ਡੀ.ਸੀ. ਨੇ ਦੱਸਿਆ ਕਿ ਨਗਰ ਨਿਗਮ ਅਧੀਨ ਘਰ ਘਰ ਜਾ ਕੇ ਕੂੜਾ ਇਕੱਤਰ ਕਰਨ ਦਾ ਕਾਰਜ 100 ਫ਼ੀਸਦ ਹੈ ਤੇ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਕਰਨ ਦਾ ਕਾਰਜ ਕਰੀਬ 85 ਫ਼ੀਸਦ ਤੋਂ ਵੱਧ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਉੱਤੇ ਵੀ ਵੇਸਟ ਵੰਡਰ ਪਾਰਕ ਬਣਾਉਣ ਲਈ ਉਪਰਾਲੇ ਕੀਤੇ ਜਾਣ।
ਏ.ਡੀ.ਸੀ. ਦੁਆਰਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਬਿਲਡਰਾਂ, ਕੰਪਨੀਆਂ, ਪ੍ਰਾਈਵੇਟ ਬੰਦਿਆਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਅਤੇ ਨਜ਼ਾਇਜ ਉਸਾਰੀਆਂ ਸਬੰਧੀ ਪੜਤਾਲ ਕਰਵਾਈ ਜਾਵੇ ਅਤੇ ਨਜ਼ਾਇਜ਼ ਕੀਤੇ ਗਏ ਕਬਜ਼ਿਆਂ ਨੂੰ ਛਡਵਾਇਆ ਜਾਵੇ ਅਤੇ ਆਪਣੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਨਜਾਇਜ ਕਬਜਿਆਂ ਉੱਪਰ ਰੋਕ ਲਗਾਈ ਜਾ ਸਕੇ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼ਹਿਰੀ ਅਵਾਸ ਯੋਜਨਾ ਤਹਿਤ ਲੰਬਿਤ ਪਈਆਂ ਅਰਜ਼ੀਆਂ ਨੂੰ ਜਲਦ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਲਾਭਪਾਤਰੀਆਂ ਨੂੰ ਦਿੱਤੀ ਗਈ ਪੱਕੇ ਮਕਾਨ ਬਣਾਉਣ ਦੀ ਵਿੱਤੀ ਸਹਾਇਤਾ ਸਕੀਮ ਤਹਿਤ ਬਣਦਾ ਲਾਭ ਮਿਲ ਸਕੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਨਗਰ ਨਿਗਮ, ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ/ਘੱਟ ਕਰਨ ਲਈ ਆਪਣੇ ਹਲਕੇ ਨਾਲ ਸਬੰਧਤ ਪੰਜ-ਪੰਜ ਨੁਕਤੇ ਸਾਂਝੇ ਕੀਤੇ ਜਾਣ ਤਾਂ ਜੋ ਉਸ ਤੇ ਸੁਚੱਜੇ ਢੰਗ ਨਾਲ ਕਾਰਵਾਈ ਕੀਤੀ ਜਾ ਸਕੇ ਅਤੇ ਜਿੱਥੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਲੋੜ ਹੈ, ਬਾਰੇ ਵੀ ਧਿਆਨ ਵਿੱਚ ਲਿਆਂਦਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ-ਆਪਣੇ ਖੇਤਰਾਂ ਵਿੱਚ ਬੇਸਹਾਰਾ/ਜ਼ਖਮੀ ਪਸ਼ੂਆਂ ਦੀ ਸਾਂਭ-ਸੰਭਾਲ ਲਈ ਇੱਕ-ਇੱਕ ਐਬੂਲੈਂਸ ਹਾਇਰ ਕੀਤੀ ਜਾਵੇ ਜਾਂ ਖਰੀਦ ਲਈ ਜਾਵੇ ਤਾਂ ਜੋ ਲੋੜ ਪੈਣ ’ਤੇ ਉਸ ਦੀ ਵਰਤੋਂ ਕੀਤੀ ਜਾ ਸਕੇ।
ਕੁੱਤਿਆਂ ਦੇ ਕੱਟਣ ਦੇ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਸਥਾਨਕ ਸਰਕਾਰ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਕੁੱਤਿਆਂ ਦੇ ਕੱਟਣ ਦੇ ਖਤਰੇ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਤੁਰੰਤ ਢੁੱਕਵੀਂ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸਥਾਨਕ ਸ਼ਹਿਰੀ ਸੰਸਥਾਵਾਂ ਨੂੰ ਪਸ਼ੂ ਜਨਮ ਨਿਯੰਤਰਣ (ਐਨਿਮਲ ਬਰਥ ਕੰਟਰੋਲ) ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਵੱਲੋਂ ਈ.ਓਜ਼ ਨੂੰ ਕਿਹਾ ਗਿਆ ਕਿ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਟੀਮ ਦੀ ਟ੍ਰੇਨਿੰਗ ਕਰਵਾਈ ਜਾਵੇ ਤਾਂ ਜੋ ਅਵਾਰਾ ਪਸੂਆਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਨੇ ਮੁਕੰਮਲ ਕੀਤੇ ਜਾ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀਆਂ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਨੇ ਪੈਂਡਿੰਗ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਮੀਟਿੰਗ ਵਿੱਚ ਐੱਸ.ਡੀ.ਐੱਮ. ਡੇਰਾਬਸੀ ਅਮਿਤ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।