ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਵਿੱਢੇ ਸੰਘਰਸ਼ ਦੌਰਾਨ ਫੌਤ ਹੋਏ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਬੱਲੋ ਦੀ 21 ਫ਼ਰਵਰੀ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਵੱਡੇ ਇਕੱਠ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਨੂੰ ਸੁਨਾਮ ਇਲਾਕੇ ਦੇ ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਸੀਨੀਅਰ ਜ਼ਿਲ੍ਹਾ ਆਗੂ ਹੈਪੀ ਨਮੋਲ ਅਤੇ ਸੁਖਦੇਵ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਹੱਕਾਂ ਲਈ ਸੰਘਰਸ਼ ਲੜਦੇ ਸ਼ਹੀਦ ਹੋ ਗਏ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਬੱਲੋ ਦੀ 21 ਫ਼ਰਵਰੀ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਸ਼ੰਭੂ, ਖਨੌਰੀ ਅਤੇ ਬੱਲੋ ਪਿੰਡ ਵਿਖੇ ਵੱਡੇ ਇਕੱਠ ਕੀਤੇ ਜਾਣਗੇ ਇਸ ਲਈ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੁਭ ਕਰਨ ਸਿੰਘ ਬੱਲੋ ਦੀ ਬਰਸੀ ਮੌਕੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਜਾਵੇਗੀ ਕਿ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਵਿੱਢੇ ਸੰਘਰਸ਼ ਨੂੰ ਇੱਕ ਸਾਲ ਪੂਰਾ ਹੋਣ ਤੇ ਨਾ ਕਿਸਾਨ ਅੱਕੇ ਹਨ ਅਤੇ ਨਾ ਥੱਕੇ। ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ 12 ਮੰਗਾਂ ਨੂੰ ਕੇਂਦਰ ਸਰਕਾਰ ਨਹੀਂ ਮੰਨਦੀ ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗਾਂ ਵਿੱਚ ਕਿਸਾਨਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਜਿਹੜੇ ਆਪਣੇ ਸਾਧਨਾਂ ਤੇ ਲੋਕਾਂ ਨੂੰ ਬਰਸੀ ਸਮਾਗਮ ਵਿੱਚ ਲੈਕੇ ਜਾਣਗੇ। ਪਿੰਡੀ ਕੇਹਰ ਸਿੰਘ, ਦੁੱਲਟ ਪਿੰਡੀ, ਮੰਡੇਰ ਖ਼ੁਰਦ ਅਤੇ ਦਿਆਲਗੜ੍ਹ ਵਿਚ ਮੀਟਿੰਗ ਕਰਵਾਈਆਂ ਗਈਆਂ ਹਨ। ਇਸ ਮੌਕੇ ਬੰਤ ਸਿੰਘ, ਗੁਰਜੰਟ ਸਿੰਘ, ਗੁਰਦੀਪ ਮੰਡੇਰ ਕਲਾਂ, ਗੁਰਮੀਤ ਸਿੰਘ, ਧੰਨਾ ਸਿੰਘ ਦਿਆਲਗੜ੍ਹ, ਸ਼ਿੰਦਰ ਬਡਰੁੱਖਾਂ, ਭਰਪੂਰ ਸਿੰਘ ਉੱਭਾਵਾਲ, ਭੂਰਾ ਸਿੰਘ ਦੁੱਲਟ ਵਾਲਾ, ਹਰਬੰਸ ਸਿੰਘ, ਸ਼ਿੰਗਾਰਾ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।