ਫ਼ਤਹਿਗੜ੍ਹ ਸਾਹਿਬ : ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਚੱਲ ਰਹੀ ਪ੍ਰਕ੍ਰਿਆ ਵਿੱਚ ਵੱਧ ਤੋਂ ਵੱਧ ਪਾਰਦਰਸ਼ਤਾ ਲਿਆਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਲਗਾਉਣ ਸਬੰਧੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਚੋਣ ਅਫਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਬੂਥ ਲੈਵਲ ਏਜੰਟ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਜਿਹੜੇ ਨੌਜ਼ਵਾਨਾਂ ਦੀਆਂ ਵੋਟਾਂ ਨਹੀਂ ਬਣੀਆਂ ਉਨ੍ਹਾਂ ਦੀਆਂ ਨਵੀਂਆਂ ਵੋਟਾਂ ਬਣਾਉਣ ਵੋਟ ਕਟਵਾਉਣ, ਸੋਧ ਕਰਨ ਅਤੇ ਤਬਦੀਲ ਕਰਨ ਲਈ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਫਾਰਮ ਭਰਨ ਵਿੱਚ ਯੋਗ ਨਾਗਰਿਕਾਂ ਦਾ ਮਾਰਗ ਦਰਸ਼ਨ ਕਰਨ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਬੂਥ ਲੈਵਲ ਏਜੰਟ ਦੀ ਨਿਯੁਕਤੀ ਰੱਦ ਨਹੀਂ ਕਰ ਸਕਦੀਆਂ।
ਡਾ: ਸੋਨਾ ਥਿੰਦ ਨੇ ਦੱਸਿਆ ਕਿ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਮੇਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਬੂਥ ਲੈਵਲ ਏਜੰਟ ਵੋਟਰ ਸੂਚੀ ਦੇ ਸਬੰਧਤ ਹਿੱਸੇ ਵਿੱਚ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਜੋ ਕਿ ਡਰਾਫਟ ਵੋਟਰ ਸੂਚੀਆਂ ਵਿੱਚ ਐਂਟਰੀਆਂ ਦੀ ਜਾਂਚ ਕਰੇਗਾ, ਮ੍ਰਿਤਕ ਵਿਅਕਤੀਆਂ ਅਤ ਸ਼ਿਫਟ ਕੀਤੇ ਵਿਅਕਤੀਆਂ ਦੀ ਐਂਟਰੀ ਦੀ ਵੀ ਪਹਿਚਾਣ ਕਰੇਗਾ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਏਜੰਟ ਇੱਕ ਦਿਨ ਵਿੱਚ 10 ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਏਜੰਟ ਸਬੰਧਤ ਬੂਥ ਲੈਵਲ ਅਫਸਰ ਨੂੰ ਬਿਨੈ ਪੱਤਰ ਦੀ ਸੂਚੀ ਅਤੇ ਇੱਕ ਲਿਖਤੀ ਘੋਸ਼ਣਾ ਦੇ ਨਾਲ ਫਾਰਮ ਜਮ੍ਹਾਂ ਕਰਵਾਏਗਾ ਕਿ ਉਸ ਨੇ ਨੱਕੀ ਅਰਜ਼ੀ ਫਾਰਮਾਂ ਵਿੱਚ ਸ਼ਾਮਲ ਵੇਰਵਿਆਂ ਦੀ ਨਿੱਜੀ ਤੌਰ ਤੇ ਵੈਰੀਫਿਕੇਸ਼ਨ ਕੀਤੀ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਜੇਕਰ ਬੂਥ ਲੈਵਲ ਏਜੰਟ ਵੱਲੋਂ 30 ਤੋਂ ਵੱਧ ਅਰਜ਼ੀ ਫਾਰਮ ਜਮ੍ਹਾਂ ਕਰਵਾਏ ਜਾਂਦੇ ਹਨ ਤਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਵੱਲੋਂ ਵਿਅਕਤੀਗਤ ਤੌਰ ਤੇ ਕਰਾਸ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੀਆਂ ਸਿਆਸੀ ਪਾਰਟੀਆਂ ਵੱਲੋਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਨਹੀਂ ਕੀਤੀ ਜਾਵੇਗੀ ਉਹ ਸਰਸਰੀ ਸੁਧਾਈ ਦੇ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਅਰਜ਼ੀਆਂ/ਫਾਰਮ ਨਹੀਂ ਦੇ ਸਕਦੀਆਂ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵਿੱਚ ਸਹਿਯੋਗ ਦੇਣ।