ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਪੰਜ ਮਾਰਚ ਤੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਕੋਠੀ ਮੂਹਰੇ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਵੱਲੋਂ ਧਰਨੇ ਪ੍ਰਤੀ ਕਿਸਾਨ ਅਤੇ ਮਜ਼ਦੂਰ ਵਰਗ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਰਾਮਸ਼ਰਨ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਪੱਬਾਂ ਭਾਰ ਹੋ ਰਹੀਆਂ ਹਨ ਕਿਸਾਨ ਜਥੇਬੰਦੀਆਂ ਵੱਲੋਂ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਪੰਜ ਮਾਰਚ ਤੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਨੂੰ ਲੈਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜਿਆ ਨਵਾਂ ਖੇਤੀ ਖਰੜਾ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਣਸਾਂ ਦੀ ਸਰਕਾਰੀ ਮੰਡੀਆਂ ਵਿੱਚ ਖਰੀਦ ਬੰਦ ਹੋ ਜਾਵੇਗੀ। ਪ੍ਰਾਈਵੇਟ ਖ਼ਰੀਦਦਾਰ ਕਿਸਾਨ ਨੂੰ ਜਿਣਸਾਂ ਦੇ ਮੁੱਲ ਮਨਮਰਜ਼ੀ ਦੇ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਸੂਬੇ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਡਰਾਫਟ ਨੂੰ ਬਕਾਇਦਾ ਵਿਧਾਨ ਸਭਾ ਵਿੱਚ ਰੱਦ ਕੀਤਾ ਜਾਵੇ।
ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ ਦਸ ਹਜ਼ਾਰ ਰੁਪਏ ਮਹੀਨਾ ਦਿੱਤੀ ਜਾਵੇ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਇਆ ਜਾਵੇ ਅਤੇ ਲੰਮੇ ਸਮੇਂ ਤੋਂ ਜੋ ਜਮੀਨਾਂ ਮੁਜ਼ਾਰਿਆਂ ਦੀਆਂ ਹਨ ਉਹਨਾਂ ਮੁਜਾਰਿਆਂ ਨੂੰ ਮਾਲਕੀ ਹੱਕ ਦਿੱਤੇ ਜਾਣ। ਇਸ ਮੌਕੇ ਸੁਖਪਾਲ ਮਾਣਕ ਕਣਕਵਾਲ, ਮਨੀ ਸਿੰਘ ਭੈਣੀ, ਜਸਵੀਰ ਕੌਰ ਉਗਰਾਹਾਂ ਨੇ ਵੀ ਸੰਬੋਧਨ ਕੀਤਾ।