ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਸਮੇਂ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਇਕਜੁੱਟ ਹੋਣਾ ਚਾਹੀਦਾ ਹੈ। ਕੇਂਦਰ ਸਰਕਾਰ ਨਾਲ ਤਾਲਮੇਲ ਤੋਂ ਬਗੈਰ ਪੰਜਾਬ ਨੂੰ ਸੰਕਟ ਵਿੱਚੋਂ ਨਹੀਂ ਕੱਢਿਆ ਜਾ ਸਕਦਾ। ਮੰਗਲਵਾਰ ਨੂੰ ਸੁਨਾਮ ਵਿਖੇ ਖੇਤੀਬਾੜੀ ਵਿਕਾਸ ਬੈਂਕ ਦੇ ਸੇਵਾ ਮੁਕਤ ਜ਼ਿਲ੍ਹਾ ਮੈਨੇਜ਼ਰ ਮਰਹੂਮ ਸੁਭਾਸ਼ ਚੰਦਰ ਕਾਂਸਲ ਦੇ ਦੇਹਾਂਤ 'ਤੇ ਕਾਂਸਲ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰਵਿੰਦ ਖੰਨਾ ਨੇ ਕਿਹਾ ਕਿ ਉਨ੍ਹਾਂ ਦਾ ਨਿੱਜੀ ਵਿਚਾਰ ਹੈ ਕਿ ਭਾਜਪਾ ਦਾ ਅਕਾਲੀ ਦਲ ਨਾਲ ਗੱਠਜੋੜ ਹੋਣਾ ਚਾਹੀਦਾ ਹੈ ਤਾਂ ਹੀ ਪੰਜਾਬ ਦੀ ਤਰੱਕੀ ਦੇ ਰਾਹ ਖੁੱਲ੍ਹਣਗੇ। ਕੇਂਦਰ ਦੇ ਸਹਿਯੋਗ ਤੋਂ ਬਿਨਾਂ ਪੰਜਾਬ ਸੰਕਟ ਵਿੱਚੋਂ ਬਾਹਰ ਨਹੀਂ ਆ ਸਕਦਾ। ਪੰਜਾਬ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਬੇਰੁਜ਼ਗਾਰੀ ਆਪਣੇ ਸਿਖਰ 'ਤੇ ਹੈ ਅਤੇ ਨਵੇਂ ਉਦਯੋਗ ਨਹੀਂ ਆ ਰਹੇ ਹਨ। ਕੇਂਦਰ ਦੇ ਸਹਿਯੋਗ ਨਾਲ ਹੀ ਪੰਜਾਬ ਤਰੱਕੀ ਕਰ ਸਕੇਗਾ। ਇਸ ਲਈ ਉਹ ਆਪਣੇ ਪੱਧਰ 'ਤੇ ਖੁਦ ਪਾਰਟੀ ਪਲੇਟਫਾਰਮ 'ਤੇ ਗੱਠਜੋੜ ਦੇ ਹੱਕ ਵਿਚ ਡਟੇ ਰਹੇ ਹਨ ਅਤੇ ਰਹਿਣਗੇ| ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਤਿੰਨ ਸਾਲ ਸੱਤਾ ਦਾ ਆਨੰਦ ਮਾਣਨ ਤੋਂ ਬਾਅਦ ਹੁਣ ‘ਆਪ’ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕਣ ਦਾ ਦਾਅਵਾ ਕਰ ਰਹੀ ਹੈ। ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਾ ਆਪਣੇ ਸਿਖਰ ’ਤੇ ਹੈ ਅਤੇ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਧਾਨ ਸਭਾ ਸੈਸ਼ਨ 'ਤੇ ਪ੍ਰਤੀਕਰਮ ਦਿੰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਇਹ ਸਿਰਫ਼ ਡਰਾਮਾ ਹੈ। ਚਾਰ ਮਹੀਨਿਆਂ ਤੋਂ ਮੰਤਰੀ ਮੰਡਲ ਦੀ ਮੀਟਿੰਗ ਨਹੀਂ ਹੋਈ। ਪੰਜਾਬ 'ਚ 'ਆਪ' ਪਾਰਟੀ ਦੀ ਹਾਲਤ ਦਿੱਲੀ ਨਾਲੋਂ ਵੀ ਮਾੜੀ ਹੋਵੇਗੀ। ਤੁਸੀਂ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਲੋਕ ਹਰ ਪੈਸੇ ਦਾ ਹਿਸਾਬ ਲੈਣਗੇ। ਉਨ੍ਹਾਂ ਕਿਹਾ ਕਿ ਮੁਨੀਸ਼ ਸਿਸੋਦੀਆ ਜੋ ਦਿੱਲੀ ਦੀ ਸੱਤਾ ਅਤੇ ਇੱਥੋਂ ਤੱਕ ਕਿ ਆਪਣੀ ਸੀਟ ਵੀ ਗੁਆ ਚੁੱਕੇ ਹਨ ਪੰਜਾਬ ਦੇ ਸਕੂਲਾਂ ਦਾ ਦੌਰਾ ਕਰ ਰਹੇ ਹਨ। ਪੰਜਾਬ ਦੇ ਲੋਕ ਸੂਝਵਾਨ ਹਨ ਉਨ੍ਹਾਂ ਦੇ ਫੇਲ੍ਹ ਹੋਏ ਮਾਡਲ ਦਾ ਪੰਜਾਬ ਦੇ ਸ਼ਿਕਾਰ ਨਹੀਂ ਹੋਣਗੇ। ਇਸ ਮੌਕੇ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਸੰਜੇ ਗੋਇਲ, ਘਨਸ਼ਿਆਮ ਕਾਂਸਲ, ਰਾਜੀਵ ਕੁਮਾਰ ਮੱਖਣ, ਰਾਜੀਵ ਗਰਗ, ਅੰਮ੍ਰਿਤ ਰਾਜਦੀਪ ਸਿੰਘ ਚੱਠਾ, ਹਿੰਮਤ ਸਿੰਘ ਬਾਜਵਾ ਆਦਿ ਹਾਜ਼ਰ ਸਨ।