ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੂਰੀ ਸੰਜੀਦਗੀ ਦਿਖਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨੀ ਮੰਗਾਂ ਦੀ ਪੂਰਤੀ ਕਰਵਾਉਣ ਲਈ ਕੇਂਦਰ ਨਾਲ ਗੱਲਬਾਤ ਕਰੇ। ਬੁੱਧਵਾਰ ਨੂੰ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨਾਂ ਦੇ ਧਰਨੇ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਤੇ ਚੱਲ ਰਹੇ ਹਨ ਲੇਕਿਨ ਕੇਂਦਰ ਅਤੇ ਸੂਬਾ ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀਆਂ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਪੂਰੀਆਂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਕਿਸਾਨ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਪਰੰਤੂ ਮੀਟਿੰਗਾਂ ਵਿੱਚ ਹਾਲੇ ਤੱਕ ਕੋਈ ਠੋਸ ਹੱਲ ਨਹੀ ਕੱਢਿਆ। ਕੇਂਦਰੀ ਮੰਤਰੀਆਂ ਨਾਲ 19 ਮਾਰਚ ਨੂੰ ਦੁਬਾਰਾ ਮੰਗਾਂ ਤੇ ਚਰਚਾ ਕਰਨ ਲਈ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਔਰਤ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਦਬਾਅ ਹੇਠ ਖੇਤੀ ਨੀਤੀ ਦਾ ਡਰਾਫਟ ਵਿਧਾਨ ਸਭਾ ਵਿੱਚ ਰੱਦ ਕੀਤਾ ਹੈ। ਇਸ ਮੌਕੇ ਸੂਬਾ ਆਗੂ ਬਲਜੀਤ ਕੌਰ, ਜ਼ਿਲਾ ਪ੍ਰਧਾਨ ਕੁਲਵਿੰਦਰ ਸਿੰਘ ਲੌਂਗੋਵਾਲ, ਜ਼ਿਲਾ ਆਗੂ ਹੈਪੀ ਨਮੋਲ, ਜਸਵੀਰ ਮੈਦੇਵਾਸ,ਸੰਤਰਾਮ ਛਾਜਲੀ, ਹਰਦੇਵ ਕੁਲਾਰ, ਰਾਜ ਥੇੜੀ, ਸੁਖਦੇਵ ਸ਼ਰਮਾ ਭੁਟਾਲ, ਮੱਖਣ ਪਾਪੜਾ, ਸੁਖਦੇਵ ਕਿਲਾ ਭਰੀਆਂ, ਸੁਖਦੇਵ ਲੌਗੋਵਾਲ, ਸਤਗੁਰ ਨਮੋਲ, ਬੂਟਾ ਝਾੜੋਂ, ਬਿੰਦਰ ਦਿੜਬਾ, ਗੁਰਮੇਲ ਕੈਪਰ, ਬਲਦੇਵ ਮੰਗਵਾਲ, ਬਾਰਾਂ ਮੰਗਵਾਲ, ਬਲਜੀਤ ਸਿੰਘ ਗੋਬਿੰਦਗੜ੍ਹ, ਕਰਮਜੀਤ ਕੌਰ ਭਿੰਡਰਾਂ ਆਦਿ ਸਨ।