ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਵਾਰ ਨੂੰ ਚਾਰ ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿਤੇ ਜਾਣ ਦੀ ਬੇਨਤੀ ਵਾਲੀ ਪਟੀਸ਼ਨ ’ਤੇ ਕੇਂਦਰ ਕੋਲੋਂ ਜਵਾਬ ਮੰਗਿਆ ਹੈ। ਜੱਜ ਅਸ਼ੋਕ ਭੂਸ਼ਣ ਅਤੇ ਜੱਜ ਐਮ ਆਰ ਸ਼ਾਹ ਦੇ ਬੈਂਚ ਨੇ ਕੇਂਦਰ ਨੂੰ ਕੋਵਿਡ ਨਾਲ ਮਰਨ ਵਾਲੇ ਲੋਕਾਂ ਦੇ ਮੌਤ ਪ੍ਰਮਾਣ ਪੱਤਰ ਜਾਰੀ ਕਰਨ ਦੇ ਆਈਸੀਐਮਆਰ ਦੇ ਨਿਰਦੇਸ਼ਾਂ ਦੀ ਜਾਣਕਾਰੀ ਉਪਲਭਧ ਕਰਾਉਣ ਦਾ ਨਿਰਦੇਸ਼ ਦਿਤਾ। ਬੈਂਚ ਨੇ ਕਿਹਾ ਕਿ ਇਸ ਲਈ ਬਰਾਬਰ ਨੀਤੀ ਅਪਣਾਈ ਜਾਵੇ। ਸਿਖਰਲੀ ਅਦਾਲਤ ਦੋ ਵੱਖ ਵੱਖ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। ਇਨ੍ਹਾਂ ਪਟੀਸ਼ਨਾਂ ਵਿਚ ਕੇਂਦਰ ਅਤੇ ਰਾਜਾਂ ਨੂੰ 2005 ਦੇ ਆਫ਼ਤ ਪ੍ਰਬੰਧ ਕਾਨੂੰਨ ਤਹਿਤ ਲਾਗ ਦੇ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਵਾਰ ਨੂੰ ਚਾਰ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਅਤੇ ਮੌਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਬਰਾਬਰ ਨੀਤੀ ਅਪਣਾਉਣ ਦਾ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਸਿਖਰਲੀ ਅਦਾਲਤ ਦੋ ਪਟੀਸ਼ਨਾਂ ’ਤੇ ਸੁਣਵਾਈ ਕਰਰਹੀ ਹੈ। ਬੈਂਚ ਨੇ ਕਿਹਾ ਕਿ ਜਦ ਤਕ ਕੋਈ ਅਧਿਕਾਰਤ ਦਸਤਾਵੇਜ਼ ਜਾਂ ਮੌਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਬਰਾਬਰ ਨੀਤੀ ਨਹੀਂ ਹੋਵੇਗੀ, ਜਿਸ ਵਿਚ ਕਿਹਾ ਗਿਆ ਹੋਵੇ ਕਿ ਮੌਤ ਦਾ ਕਾਰਨ ਕੋਵਿਡ ਸੀ, ਤਦ ਤਕ ਮ੍ਰਿਤਕ ਦੇ ਪਰਵਾਰ ਵਾਲੇ ਕਿਸੇ ਵੀ ਯੋਜਨਾ ਤਹਿਤ ਮੁਆਵਜ਼ੇ ਦਾ ਦਾਅਵਾ ਨਹੀਂ ਕਰ ਸਕਣਗੇ।