ਕਿਹਾ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਪਿੰਡਾਂ ਵਿੱਚ ਵੱਧ ਤੋਂ ਵੱਧ ਸਾਂਝੇ ਜਲ ਤਲਾਬ ਬਣਾਏ ਜਾਣ
ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ ; ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਗੀਤਿਕਾ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਤੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿੰਗਲ ਯੂਜ ਪਲਾਸਟਿਕ ਤੇ ਲੱਗੀ ਰੋਕ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਦੁਕਾਨਦਾਰਾਂ, ਰੇਹੜੀ ਚਾਲਕਾਂ, ਹੋਟਲਾਂ, ਢਾਬਿਆਂ ਤੇ ਮੈਰਿਜ ਪੈਲੇਸਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਜਾਰੀ ਰੱਖੀ ਜਾਵੇ ਤਾਂ ਜੋ ਮਾਣਯੋਗ ਅਦਾਲਤ ਵੱਲੋਂ ਸਿੰਗਲ ਯੂਜ ਪਲਾਸਟਿਕ ਤੇ ਲਗਾਈ ਰੋਕ ਦੀ ਉਲੰਘਣਾ ਨਾ ਹੋ ਸਕੇ। ਉਨ੍ਹਾਂ ਇਹ ਹਦਾਇਤ ਵੀ ਕੀਤੀ ਕਿ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕਰਕੇ ਜੁਰਮਾਨੇ ਕੀਤੇ ਜਾਣ।
ਸ਼੍ਰੀਮਤੀ ਗੀਤਿਕਾ ਸਿੰਘ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਸਰਹਿੰਦ-ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅਮਲੋਹ,ਖਮਾਣੋਂ ਤੇ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸ਼ਹਿਰਾਂ ਦਾ ਕੂੜਾ ਸੁੱਟਣ ਲਈ ਬਣਾਏ ਗਏ ਡਪਿੰਗ ਗਰਾਊਂਡ ਦੇ ਆਲੇ ਦੁਆਲੇ ਚਾਰ ਦੀਵਾਰੀ ਕਰਕੇ ਵੱਧ ਤੋਂ ਵੱਧ ਬੂਟੇ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਰੱਖਿਆ ਜਾ ਸਕੇ। ਉਨ੍ਹਾਂ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਪਿੰਡਾਂ ਵਿੱਚ ਵੱਧ ਤੋਂ ਵੱਧ ਸਾਂਝੇ ਜਲ ਤਲਾਬ ਬਣਾਏ ਜਾਣ ਤਾਂ ਜੋ ਕੁਦਰਤ ਦੇ ਅਨਮੋਲ ਸਰੋਤ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਏ.ਡੀ.ਸੀ. ਗੀਤਿਕਾ ਸਿੰਘ ਨੇ ਜ਼ਿਲ੍ਹੇ ਵਿੱਚ ਨਵੇਂ ਬਣਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਦਾ ਜਾਇਜ਼ਾ ਵੀ ਲਿਆ ਅਤੇ ਬਾਕੀ ਰਹਿੰਦੇ ਕੰਮ ਬਾਰੇ ਛੇਤੀ ਕਾਰਵਾਈ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਐਸ.ਡੀ.ਓ. ਸ਼੍ਰੀਮਤੀ ਪ੍ਰਿਤਪਾਲ ਕੌਰ, ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਐਸ.ਡੀ.ਓ. ਰਜਨੀਸ਼ ਕੁਮਾਰ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਵੀ ਹਾਜਰ ਸਨ।