ਫ਼ਤਹਿਗੜ੍ਹ ਸਾਹਿਬ ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅਜੈ ਸਿੰਘ ਲਿਬੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਾਕ ਖੇੜਾ ਤੇ ਸਰਹਿੰਦ ਦੇ ਵੱਖ-ਵੱਖ ਵਿਕਾਸ ਕੰਮਾਂ ਲਈ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ 17 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦੇਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕਾਂ ਦੇ ਪਿੰਡਾਂ ਵਿੱਚ ਐਸ.ਸੀ. ਧਰਮਸ਼ਾਲਾਵਾਂ, ਆਂਗਨਵਾੜੀ ਕੇਂਦਰਾਂ, ਖੇਡ ਮੈਦਾਨ ਅਤੇ ਪਾਣੀ ਦੀਆਂ ਟੈਂਕੀਆਂ ਦੇ ਚੱਲ ਰਹੇ ਕੰਮਾਂ ਲਈ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ ਤਾਂ ਜੋ ਵਿਕਾਸ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਇਆ ਜਾ ਸਕੇ।
ਸ. ਲਿਬੜਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਉਣ ਲਈ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਵਾਸਤੇ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤਿੰਨ ਸੀਜ਼ਨਾਂ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ ਹੈ ਅਤੇ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਉਚ ਅਹੁਦੇ ਤੇ ਵੱਡੀਆਂ ਇਨਾਮੀ ਰਾਸ਼ੀਆਂ ਦਿੱਤੀਆਂ ਜਾ ਰਹੀਆਂ ਹਨ।
ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਵੱਲੋਂ ਸਖਤ ਫੈਸਲੇ ਕੀਤੇ ਜਾ ਰਹੇ ਹਨ ਅਤੇ ਹੁਣ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਸਰਕਾਰ ਵੱਲੋਂ ਚਲਾਈ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਇਆ ਜਾ ਸਕੇ। ਇਸ ਮੌਕੇ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।