ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀਆਂ ਯਾਦਾਂ ਨੂੰ ਸੰਭਾਲਣ ਦੀ ਮੰਗ ਨੂੰ ਲੈਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਮੈਂਬਰਾਂ ਨੇ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਕੇਂਦਰੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਭਾਜਪਾ ਆਗੂ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਆਖਿਆ ਕਿ ਸ਼ਹੀਦ ਊਧਮ ਸਿੰਘ ਦੀਆਂ ਯਾਦਾਂ ਅਤੇ ਵਿਰਾਸਤ ਨੂੰ ਸੰਭਾਲਣ ਲਈ ਉਨ੍ਹਾਂ ਦੀ ਸ਼ੁਰੂ ਤੋਂ ਕੋਸ਼ਿਸ਼ ਰਹੀ ਹੈ ਤਾਂ ਜੋ ਸ਼ਹੀਦ ਊਧਮ ਸਿੰਘ ਦੀਆਂ ਯਾਦਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣ ਸਕਣ। ਉਨ੍ਹਾਂ ਦੱਸਿਆਂ ਕਿ ਸਾਡੇ ਦੁਆਰਾ ਪਿਛਲੇ ਸਮੇਂ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਚਿੱਠੀਆਂ ਲਿਖਕੇ ਸ਼ਹੀਦ ਊਧਮ ਸਿੰਘ ਜੀ ਦੀ ਸੋਚ ਅਤੇ ਵਿਰਾਸਤ ਨੂੰ ਜਿਉਂਦਾ ਰੱਖਣ ਸ਼ਹੀਦ ਊਧਮ ਸਿੰਘ ਜੀ ਦੇ ਨਾਮ ਤੇ ਫੰਡਾਂ ਲਈ ਬੇਨਤੀ ਕੀਤੀ ਸੀ ਉਨ੍ਹਾਂ ਵੱਲੋਂ ਇਸ ਗੱਲ ਤੇ ਧਿਆਨ ਦਿੰਦੇ ਹੋਏ ਇੱਕ ਰਸਮੀ ਪੱਤਰ ਕਰੀਬ ਤਿੰਨ ਮਹੀਨੇ ਪਹਿਲਾਂ ਪੰਜਾਬ ਸਰਕਾਰ ਦੇ ਸਬੰਧਿਤ ਵਿਭਾਗ ਨੂੰ ਵੀ ਭੇਜਿਆ ਗਿਆ ਸੀ ਪਰੰਤੂ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਉਸਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਅੱਜ ਮੁੜ ਕੇਂਦਰੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਬੇਨਤੀ ਕੀਤੀ ਹੈ ਕਿ ਇਸ ਤੇ ਪੰਜਾਬ ਸਰਕਾਰ ਅਤੇ ਸਬੰਧਿਤ ਮਹਿਕਮੇ ਵੱਲੋਂ ਜੁਆਬ ਮੰਗਿਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਅਤੇ ਸਬੰਧਿਤ ਵਿਭਾਗ ਵੱਲੋਂ ਇਸਦੀ ਯੋਜਨਾ ਬਣਾਉਣ ਵਿੱਚ ਦੇਰੀ ਕੀਤੀ ਜਾ ਰਹੀ ਹੈ। ਭਾਜਪਾ ਆਗੂ ਦਾਮਨ ਬਾਜਵਾ ਅਤੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਮੰਗ ਕੀਤੀ ਗਈ ਹੈ ਕਿ 13 ਮਾਰਚ 1940 ਨੂੰ ਸ਼ਹੀਦ ਊਧਮ ਸਿੰਘ ਜੀ ਨੇ ਜਲ੍ਹਿਆਂਵਾਲਾ ਬਾਗ ਵਿੱਚ ਹੋਏ ਸਾਕੇ ਦਾ ਲੰਡਨ ਵਿੱਚ ਜਾਕੇ ਮਾਈਕਲ ਓਡਵਾਇਰ ਤੋਂ ਬਦਲਾ ਲਿਆ ਸੀ ਇਹ ਦਿਨ ਪੂਰੇ ਭਾਰਤ ਲਈ ਬਹੁਤ ਹੀ ਅਹਿਮ ਦਿਨ ਸੀ, ਮੰਤਰੀ ਨੂੰ ਬੇਨਤੀ ਕੀਤੀ ਹੈ ਕਿ 13 ਮਾਰਚ ਨੂੰ 'ਸਵੈਮਾਨ ਦਿਵਸ' ਵਜੋਂ ਘੋਸ਼ਿਤ ਕੀਤਾ ਜਾਵੇ।
ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਂਖਾਵਤ ਨੇ ਭਰੋਸਾ ਦਿਵਾਇਆ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੀ ਸੋਚ ਨੂੰ ਜਿਊਂਦਾ ਰੱਖਣ ਲਈ ਕੇਂਦਰ ਸਰਕਾਰ ਅਤੇ ਕੇਂਦਰ ਦੇ ਸਬੰਧਿਤ ਮਹਿਕਮੇ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਜਲਦ ਹੀ ਸੁਨਾਮ ਵਿਖੇ ਪਹੁੰਚਕੇ ਸ਼ਹਿਰੀਆਂ ਵੱਡਾ ਤੋਹਫਾ ਦੇਕੇ ਜਾਣਗੇ।ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਰਜਿੰਦਰ ਸਿੰਘ ਕੈਫੀ, ਕਰਨੈਲ ਸਿੰਘ ਢੋਟ, ਠੇਕੇਦਾਰ ਅਮਰਜੀਤ ਸਿੰਘ, ਬਲਜਿੰਦਰ ਸਿੰਘ ਕਾਕਾ, ਜਸਪਾਲ ਸਿੰਘ ਪਾਲਾ, ਮਲਕੀਤ ਸਿੰਘ ਥਿੰਦ, ਕਰਨਵੀਰ ਸਿੰਘ ਬੱਬੂ ਆਦਿ ਹਾਜ਼ਰ ਸਨ।