ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖੇਤੀ ਸੈਕਟਰ ਤੇ ਕਿਸੇ ਵੀ ਕੀਮਤ ’ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਿੱਤ ਦਿਨ ਨਵੀਂਆਂ ਯੋਜਨਾਵਾਂ ਲਿਆਕੇ ਅਮੀਰ ਪੱਖੀ ਨੀਤੀਆਂ ਲਾਗੂ ਕਰਨ ਦੇ ਰਾਹ ਤੁਰੀ ਹੋਈ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਇੱਥੇ ਸੇਵਾਮੁਕਤ ਜ਼ਿਲ੍ਹਾ ਮੈਨੇਜਰ ਸੁਭਾਸ਼ ਕਾਂਸਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਗਰੁੱਪ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਲੱਗਾ ਹੋਇਆ ਹੈ। ਕੇਂਦਰੀ ਖੇਤੀ ਬਿੱਲ ਨੂੰ ਰੱਦ ਕਰਵਾਉਣ ਲਈ ਯੂਨੀਅਨ ਪੂਰੀ ਦ੍ਰਿੜਤਾ ਨਾਲ ਸੰਘਰਸ਼ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਖਰੜੇ ਨੂੰ ਰੱਦ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਜੱਥੇਬੰਦੀ ਦੇ ਸੰਘਰਸ਼ ਦੀ ਜਿੱਤ ਹੈ ਪਰ ਫਿਰ ਵੀ ਫੈਸਲਾਕੁੰਨ ਫੈਸਲੇ ਲਈ ਲੰਮਾ ਸੰਘਰਸ਼ ਕਰਨਾ ਪਵੇਗਾ ਅਤੇ ਯੂਨੀਅਨ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਹਾਜ਼ਰ ਸਨ।