ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੁਲਿਸ ਨੇ ਅੱਜ ਚੰਡੀਗੜ੍ਹ ਜਾਂਦੇ ਸਮੇਂ ਸੁਨਾਮ ਬਲਾਕ ਦੇ ਪਿੰਡ ਚੱਠਾ ਨਨਹੇੜਾ ਅਤੇ ਖਡਿਆਲ ਦੇ ਦਰਮਿਆਨ ਹਿਰਾਸਤ ਵਿੱਚ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਗੰਢੂਆਂ ਤੋਂ ਕਿਸਾਨਾਂ ਦੇ ਕਾਫ਼ਲੇ ਵਿਚ ਚੰਡੀਗੜ੍ਹ ਲਈ ਰਵਾਨਾ ਹੋਏ ਸਨ ਜਿਉਂ ਹੀ ਕਿਸਾਨਾਂ ਦਾ ਕਾਫ਼ਲਾ ਪਿੰਡ ਚੱਠਾ ਨਨਹੇੜਾ ਤੋਂ ਲੰਘਕੇ ਖਡਿਆਲ ਕੋਲ ਪੁੱਜਿਆ ਤਾਂ ਪੁਲਿਸ ਨੇ ਕਿਸਾਨਾਂ ਦੇ ਕਾਫ਼ਲੇ ਵਿੱਚੋਂ ਸੰਯੁਕਤ ਕਿਸਾਨ ਮੋਰਚੇ ਦੇ ਕੱਦਾਵਰ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਟੀਮ ਦੀ ਅਗਵਾਈ ਜ਼ਿਲ੍ਹਾ ਸੰਗਰੂਰ ਵਿੱਚ ਤਾਇਨਾਤ ਐਸਪੀ ਪਲਵਿੰਦਰ ਸਿੰਘ ਚੀਮਾ ਕਰ ਰਹੇ ਸਨ। ਸੂਤਰਾਂ ਨੇ ਦੱਸਿਆ ਕਿ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੁਲਿਸ ਹਿਰਾਸਤ ਵਿੱਚ ਸੰਗਰੂਰ ਲੈ ਗਈ ਹੈ ਜਦਕਿ ਕਿਸਾਨ ਯੂਨੀਅਨ ਦੇ ਆਗੂ ਥਾਣਾ ਛਾਜਲੀ ਵਿਖੇ ਰੱਖੇ ਜਾਣ ਦੀ ਗੱਲ ਕਹਿ ਰਹੇ ਹਨ। ਜਥੇਬੰਦੀ ਦੇ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਕਾਫਲੇ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਸਮੇਤ ਹੋਰ ਆਗੂ ਵੀ ਸ਼ਾਮਲ ਸਨ ਉਹ ਪੁਲਿਸ ਨੂੰ ਝਕਾਨੀ ਦੇ ਕੇ ਨਿਕਲਣ ਵਿੱਚ ਕਾਮਯਾਬ ਹੋ ਗਏ।