ਪਟਿਆਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸੇਵਾ ਕੇਂਦਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਨੂੰ ਹੋਰ ਆਸਾਨ ਬਣਾਉਂਦਿਆਂ ਡਿਜੀਟਲ ਪੰਜਾਬ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ, ਸਮੁੱਚੀਆਂ ਨਾਗਰਿਕ ਸੇਵਾਵਾਂ ਲਈ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਵੱਲੋਂ ਕੀਤੀ ਜਾਣ ਵਾਲੀ ਭੌਤਿਕ ਤਸਦੀਕ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਹੁਣ ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਪਣੇ ਪਿੰਡ/ਵਾਰਡ ਵਿੱਚ ਰਹਿ ਰਹੇ ਵਿਅਕਤੀ ਦੀ ਅਰਜ਼ੀ ਦੀ ਤਸਦੀਕ ਈ-ਸੇਵਾ ਪੋਰਟਲ/ਵੱਟਸਐਪ ਚੈਟ-ਬੋਟ ਨੰ: 9855501076 ਰਾਹੀਂ ਆਨਲਾਈਨ ਕਰਨ ਸਕਣਗੇ। ਜਿਸ ਨਾਲ ਜਿੱਥੇ ਸਰਪੰਚ, ਨੰਬਰਦਾਰ ਜਾਂ ਕੌਂਸਲਰ ਦਾ ਸਮਾਂ ਬਚੇਗਾ ਉੱਥੇ ਹੀ ਨਾਗਰਿਕਾਂ ਨੂੰ ਕਿਸੇ ਵੀ ਤਰਾਂ ਦੀ ਭੌਤਿਕ ਤਸਦੀਕ ਲਈ ਕੀਤੇ ਵੀ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਲੋੜੀਂਦੀ ਤਸਦੀਕ ਆਨਲਾਈਨ ਹੋਣ ਉਪਰੰਤ ਘਰ ਬੈਠੇ ਹੀ ਸਰਟੀਫਿਕੇਟ ਮਿਲ ਸਕੇਗਾ।
ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ, ਪਟਿਆਲਾ ਦਫ਼ਤਰ ਦੀ ਆਈ.ਟੀ. ਸ਼ਾਖਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਲੋੜੀਂਦੀ ਟਰੇਨਿੰਗ ਵੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਡੋਰ ਸਟੇਪ ਡਲਿਵਰੀ ਸਕੀਮ ਤਹਿਤ ਨਾਗਰਿਕ 1076 ’ਤੇ ਫੋਨ ਕਰ ਕੇ ਘਰ ਬੈਠਿਆਂ ਹੀ ਲਗਭਗ 400 ਦੇ ਕਰੀਬ ਸਰਵਿਸਿਜ਼ ਦਾ ਲਾਭ ਲੈ ਸਕਦੇ ਹਨ।