ਲੋਕਾਂ ਨੂੰ ਰਜਿਸਟਰੀਆਂ ਕਰਵਾਉਣ 'ਚ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ : ਡਾ. ਪ੍ਰੀਤੀ ਯਾਦਵ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ -ਕਮ- ਰਜਿਸਟਰਾਰ ਡਾ. ਪ੍ਰੀਤੀ ਯਾਦਵ ਨੇ ਅੱਜ ਸਬ ਰਜਿਸਟਰਾਰ ਦਫ਼ਤਰ ਪਟਿਆਲਾ ਦਾ ਸਵੇਰ ਸਮੇਂ ਅਚਾਨਕ ਦੌਰਾ ਕੀਤਾ ਅਤੇ ਆਪਣੀਆਂ ਜਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਜਮੀਨ ਜਾਇਦਾਦਾਂ ਦੀਆਂ ਰਜਿਸਟਰੀਆਂ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਪਟਿਆਲਾ ਸਬ ਰਜਿਸਟਰਾਰ ਦਫ਼ਤਰ ਵਿਖੇ ਰਜਿਸਟਰੀਆਂ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬ ਰਜਿਸਟਰਾਰ ਦਫ਼ਤਰ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਪਟਿਆਲਾ ਸਬ ਰਜਿਸਟਰਾਰ ਦਫ਼ਤਰ ਵਿਖੇ ਆਪਣੀਆਂ ਜਮੀਨਾਂ ਤੇ ਪਲਾਟਾਂ ਆਦਿ ਦੀਆਂ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੇ ਰਜਿਸਟਰੀਆਂ ਦਾ ਕੰਮ ਸ਼ੁਰੂ ਹੋਣ 'ਤੇ ਕਾਫ਼ੀ ਰਾਹਤ ਮਹਿਸੂਸ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਰਕਾਰ ਵੱਲੋਂ ਲਏ ਤੁਰੰਤ ਫ਼ੈਸਲੇ ਦੀ ਸ਼ਲਾਘਾ ਕੀਤੀ।