ਐਸ.ਏ.ਐਸ.ਨਗਰ : 2014 ਬੈਚ ਦੀ ਪੀ.ਸੀ.ਐਸ. ਅਧਿਕਾਰੀ ਸ਼੍ਰੀਮਤੀ ਗੀਤਿਕਾ ਸਿੰਘ ਨੇ ਐਸ.ਏ.ਐਸ.ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ ਹੈ। ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਚੰਗੇ ਪ੍ਰਸ਼ਾਸਨ ਦੀਆਂ ਨੀਤੀਆਂ ਅਤੇ ਉਮੀਦ ਅਨੁਸਾਰ ਉਹ ਆਪਣੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਫਤਹਿਗੜ੍ਹ ਸਾਹਿਬ, ਪੰਜਾਬ ਮੰਡੀ ਬੋਰਡ ਦੇ ਸੰਯੁਕਤ ਸਕੱਤਰ, ਵਧੀਕ ਮੁੱਖ ਪ੍ਰਸ਼ਾਸਕ (ਨੀਤੀ ਅਤੇ ਹੈੱਡਕੁਆਰਟਰ) ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ, ਸਹਾਇਕ ਕਮਿਸ਼ਨਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪ੍ਰਸੋਨਲ ਵਿਭਾਗ ਦੇ ਡਿਪਟੀ ਸਕੱਤਰ, ਐਸ.ਡੀ.ਐਮ ਨਵਾਂਸ਼ਹਿਰ, ਨਾਭਾ, ਸਮਰਾਲਾ ਅਤੇ ਭਵਾਨੀਗੜ੍ਹ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਉਨ੍ਹਾਂ ਦੁਹਰਾਇਆ ਕਿ ਉਹ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਯੋਗ ਮਾਰਗਦਰਸ਼ਨ ਅਨੁਸਾਰ ਸਰਕਾਰੀ ਭਲਾਈ ਸਕੀਮਾਂ ਅਤੇ ਨਾਗਰਿਕ ਪੱਖੀ ਸੇਵਾਵਾਂ ਨੂੰ ਹੁਲਾਰਾ ਦੇ ਕੇ ਵਧੀਆ ਨਤੀਜੇ ਦੇਣ ਲਈ ਕੰਮ ਕਰਨਗੇ।