ਅੰਤਰਰਾਸ਼ਟਰੀ ਮਹਿਲਾ ਦਿਵਸ, ਇੱਕ ਅਜਿਹਾ ਦਿਹਾੜਾ ਜਿਸਨੂੰ ਅਸੀਂ ਔਰਤਾਂ ਨੂੰ ਸਨਮਾਨ ਦੇਣ ਲਈ ਮਨਾਉਂਦੇ ਹਾਂ। ਸੋਸ਼ਲ ਮੀਡੀਆ 'ਤੇ ਵਧਾਈਆਂ, ਤਸਵੀਰਾਂ, ਅਤੇ ਔਰਤਾਂ ਦੀ ਤਾਰੀਫ਼ ਨਾਲ ਭਰੇ ਸੰਦੇਸ਼ਾਂ ਦੀ ਝੜੀ ਲੱਗ ਜਾਂਦੀ ਹੈ। ਹਰ ਕੋਈ ਔਰਤਾਂ ਦੀ ਤਾਕਤ, ਹਿੰਮਤ ਅਤੇ ਯੋਗਦਾਨ ਦੀ ਗੱਲ ਕਰਦਾ ਹੈ। ਇਹ ਦਿਨ ਔਰਤਾਂ ਲਈ ਕਿਸੇ ਤਿਉਹਾਰ ਤੋਂ ਘੱਟ ਨਹੀਂ ਹੁੰਦਾ, ਇੱਕ ਦਿਨ ਲਈ ਸਭ ਕੁਝ ਬਦਲਿਆ ਹੋਇਆ ਲੱਗਦਾ ਹੈ। ਪਰ ਕੀ ਇਹ ਸਿਰਫ਼ ਇੱਕ ਦਿਨ ਦਾ ਜਸ਼ਨ ਕਾਫ਼ੀ ਹੈ? ਕੀ ਸਿਰਫ਼ ਸ਼ੁਭਕਾਮਨਾਵਾਂ ਦੇਣ ਨਾਲ ਸਾਡਾ ਫ਼ਰਜ਼ ਪੂਰਾ ਹੋ ਜਾਂਦਾ ਹੈ?
ਅਸਲ ਸਵਾਲ ਇਹ ਹੈ ਕਿ ਕੀ ਅਸੀਂ ਸਿਰਫ਼ ਇੱਕ ਦਿਨ ਔਰਤਾਂ ਨੂੰ ਸਨਮਾਨ ਦੇ ਕੇ ਉਨ੍ਹਾਂ ਨਾਲ ਹੋ ਰਹੇ ਅਨਿਆਂ ਨੂੰ ਭੁੱਲ ਸਕਦੇ ਹਾਂ? ਕੀ ਇਹ ਕਾਫ਼ੀ ਹੈ ਜਦੋਂ ਔਰਤਾਂ ਨੂੰ ਹਰ ਰੋਜ਼ ਜਿਨਸੀ ਹਮਲੇ, ਹਿੰਸਾ, ਬੇਇੱਜ਼ਤੀ ਅਤੇ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਹੈ? ਅੱਜ ਵੀ ਔਰਤਾਂ ਨੂੰ ਘਰਾਂ ਵਿੱਚ, ਕੰਮ ਵਾਲੀਆਂ ਥਾਵਾਂ 'ਤੇ ਅਤੇ ਜਨਤਕ ਥਾਵਾਂ 'ਤੇ ਸੁਰੱਖਿਅਤ ਮਹਿਸੂਸ ਨਹੀਂ ਹੁੰਦਾ। ਉਹ ਅਜੇ ਵੀ ਲਿੰਗ ਭੇਦਭਾਵ, ਘਰੇਲੂ ਹਿੰਸਾ, ਬਰਾਬਰ ਮੌਕਿਆਂ ਦੀ ਘਾਟ ਅਤੇ ਸਮਾਜਿਕ ਰੂੜੀਵਾਦੀ ਸੋਚ ਦਾ ਸ਼ਿਕਾਰ ਹਨ।
ਅਸੀਂ ਔਰਤਾਂ ਨੂੰ ਦੇਵੀ ਮੰਨਦੇ ਹਾਂ, ਪਰ ਅਸਲ ਜ਼ਿੰਦਗੀ ਵਿੱਚ ਉਨ੍ਹਾਂ ਨੂੰ ਸਨਮਾਨ ਨਹੀਂ ਦਿੰਦੇ। ਅਸੀਂ ਉਨ੍ਹਾਂ ਨੂੰ ਘਰ ਦੀ ਚਾਰਦੀਵਾਰੀ ਵਿੱਚ ਕੈਦ ਕਰਕੇ ਰੱਖਣਾ ਚਾਹੁੰਦੇ ਹਾਂ, ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਾਂ। ਸਾਨੂੰ ਇਹ ਸਮਝਣਾ ਹੋਵੇਗਾ ਕਿ ਔਰਤਾਂ ਨੂੰ ਸਿਰਫ਼ ਇੱਕ ਦਿਨ ਨਹੀਂ, ਸਗੋਂ ਹਰ ਰੋਜ਼ ਸਨਮਾਨ ਦੇਣ ਦੀ ਜ਼ਰੂਰਤ ਹੈ। ਸਾਨੂੰ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਦੇਣੇ ਚਾਹੀਦੇ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਨਾ ਚਾਹੀਦਾ ਹੈ।
ਮਹਿਲਾ ਦਿਵਸ ਸਿਰਫ਼ ਇੱਕ ਦਿਨ ਦਾ ਜਸ਼ਨ ਨਹੀਂ, ਸਗੋਂ ਔਰਤਾਂ ਦੇ ਹੱਕਾਂ ਲਈ ਲੜਨ ਦਾ ਇੱਕ ਪ੍ਰਣ ਹੈ। ਇਹ ਇੱਕ ਅਜਿਹਾ ਦਿਨ ਹੈ ਜਦੋਂ ਸਾਨੂੰ ਆਪਣੇ ਸਮਾਜ ਵਿੱਚ ਔਰਤਾਂ ਦੀ ਸਥਿਤੀ 'ਤੇ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਦੇਣ ਲਈ ਕਦਮ ਚੁੱਕਣੇ ਚਾਹੀਦੇ ਹਨ। ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਨੂੰ ਸਿਰਫ਼ ਸ਼ੁਭਕਾਮਨਾਵਾਂ ਨਹੀਂ, ਸਗੋਂ ਬਰਾਬਰਤਾ, ਸੁਰੱਖਿਆ ਅਤੇ ਸਨਮਾਨ ਮਿਲੇ। ਸਾਨੂੰ ਆਪਣੇ ਸਮਾਜ ਵਿੱਚ ਅਜਿਹਾ ਮਾਹੌਲ ਬਣਾਉਣਾ ਚਾਹੀਦਾ ਹੈ ਜਿੱਥੇ ਔਰਤਾਂ ਬਿਨਾਂ ਕਿਸੇ ਡਰ ਤੋਂ ਆਪਣੀ ਜ਼ਿੰਦਗੀ ਜੀ ਸਕਣ, ਆਪਣੇ ਸੁਪਨੇ ਪੂਰੇ ਕਰ ਸਕਣ ਅਤੇ ਸਮਾਜ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।
ਸਾਨੂੰ ਔਰਤਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਨੂੰ ਘਰੇਲੂ ਹਿੰਸਾ ਅਤੇ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਸਾਨੂੰ ਆਪਣੇ ਸਮਾਜ ਵਿੱਚ ਔਰਤਾਂ ਪ੍ਰਤੀ ਸੋਚ ਨੂੰ ਬਦਲਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਤਿਕਾਰ ਦੇਣਾ ਸਿਖਾਉਣਾ ਚਾਹੀਦਾ ਹੈ।
ਆਓ, ਇਸ ਮਹਿਲਾ ਦਿਵਸ 'ਤੇ ਅਸੀਂ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਅਸੀਂ ਔਰਤਾਂ ਨੂੰ ਸਿਰਫ਼ ਇੱਕ ਦਿਨ ਨਹੀਂ, ਸਗੋਂ ਹਰ ਰੋਜ਼ ਸਨਮਾਨ ਦੇਵਾਂਗੇ। ਅਸੀਂ ਉਨ੍ਹਾਂ ਦੇ ਹੱਕਾਂ ਲਈ ਲੜਾਂਗੇ, ਉਨ੍ਹਾਂ ਨੂੰ ਸੁਰੱਖਿਅਤ ਅਤੇ ਬਿਹਤਰ ਭਵਿੱਖ ਦੇਵਾਂਗੇ ਅਤੇ ਸਮਾਜ ਵਿੱਚ ਬਰਾਬਰ ਦਾ ਦਰਜਾ ਦੇਵਾਂਗੇ। ਇਹ ਹੀ ਅਸਲ ਵਿੱਚ ਮਹਿਲਾ ਦਿਵਸ ਮਨਾਉਣ ਦਾ ਸਹੀ ਤਰੀਕਾ ਹੈ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177