ਸਮੂਹ ਐਸ.ਡੀ.ਐਮ. ਨੂੰ ਸਬ ਡਵੀਜ਼ਨ ਪੱਧਰ `ਤੇ ਜਾਗਰੂਕਤਾ ਮੁਹਿੰਮ ਦੀ ਨਿਗਰਾਨੀ ਕਰਨ ਦੇ ਆਦੇਸ਼
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸਬੰਧੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਨੂੰ ਕਾਮਯਾਬ ਕਰਨ ਲਈ ਸਮੂਹ ਅਧਿਕਾਰੀ ਮੋਹਰੀ ਭੂਮਿਕਾ ਨਿਭਾਉਣ ਕਿਉਂਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਇਸ ਫੈਸਲੇ ਸਬੰਧੀ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾਣ ਵਾਲੀ ਮੁਹਿੰਮ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵੱਧ ਰਿਹਾ ਰੁਝਾਨ ਅੱਜ ਇੱਕ ਗੰਭੀਰ ਚੁਣੋਤੀ ਬਣਿਆਂ ਹੋਇਆ ਹੈ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਤੋਂ ਬਚਾਉਣ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਵਿੱਚ ਪੰਚਾਇਤਾਂ ਨੂੰ ਵੀ ਸ਼ਾਮਲ ਕੀਤਾ ਜਾਵੇ।
ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਬ ਡਵੀਜ਼ਨ ਪੱਧਰ ਤੇ ਚਲਾਈ ਜਾਣ ਵਾਲੀ ਜਾਗਰੂਕਤਾ ਮੁਹਿੰਮ ਦੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਇਸ ਮੁਹਿੰਮ ਨਾਲ ਲੋਕਾਂ ਨੂੰ ਜੋੜ ਕੇ ਲੋਕ ਲਹਿਰ ਚਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਣਤ ਪ੍ਰਤੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਵਾਸਤੇ ਸਕੂਲਾਂ, ਕਾਲਜ਼ਾਂ ਤੇ ਪਿੰਡਾਂ ਵਿੱਚ ਨੁੱਕੜ ਨਾਟਕ ਕਰਵਾਏ ਜਾਣ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨ ਪੱਧਰ ਤੇ ਚੱਲ ਰਹੇ ਪ੍ਰਾਈਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਵੇ। ਉਨ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਮੈਡੀਕਲ ਸਟੋਰਾਂ ਦੀ ਪੁਲਿਸ ਵਿਭਾਗ ਨਾਲ ਮਿਲ ਕੇ ਚੈਕਿੰਗ ਕੀਤੀ ਜਾਵੇ ਅਤੇ ਨਸ਼ਿਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਦੇ ਮਾਲਕਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਛੋਟੀ ਉਮਰ ਦੇ ਬੱਚਿਆਂ ਵਿੱਚ ਨਸ਼ੇ ਕਰਨ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬ੍ਰਾਹਮਣ ਮਾਜਰਾ ਦੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡ ਰਹੇ ਵਿਅਕਤੀਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਇੱਕ ਕੋਚ ਦੀ ਤਾਇਨਾਤੀ ਕੀਤੀ ਜਾਵੇ। ਉਨ੍ਹਾਂ ਹੁਨਰ ਵਿਕਾਸ ਮਿਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਡੀ.ਡੀ.ਪੀ.ਓ. ਤੇ ਸਿਵਲ ਸਰਜਨ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਬਲਾਕ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਅਮਲੋਹ ਚੇਤਨ ਬੰਗੜ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਡੀ.ਐਸ.ਪੀ. (ਪੀ.ਬੀ.ਆਈ./ਐਂਟੀ ਨਾਰਕੋਟਿਕ) ਗੁਰਦੀਪ ਸਿੰਘ, ਯੂਥ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸਟੇਟ ਐਵਾਰਡੀ ਪਰਮਿੰਦਰ ਸਿੰਘ ਪਹਿਲਵਾਨ, ਨਸ਼ਾ ਮੁਕਤ ਅਭਿਆਨ ਦੇ ਮੈਂਬਰ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਯੁੱਧ ਨਸ਼ਿਆ ਵਿਰੁੱਧ ਦੇ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਜਾਗੋ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਹੀ, ਸਮਾਜ ਸੇਵੀ ਗੁਰਸੇਵਕ ਸਿੰਘ, ਡੀ.ਡੀ.ਪੀ.ਓ. ਜਸਪ੍ਰੀਤ ਸਿੰਘ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।